ਫ਼ਰੀਦਕੋਟ, 17 ਫ਼ਰਵਰੀ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ੱਕ ਦੇ ਆਧਾਰ 'ਤੇ ਸਾਦਿਕ ਰੋਡ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਸਮੇਤ ਕੰਪਿਊਟਰ ਕੰਡਾ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਅਕਲਪ੍ਰੀਤ ਸਿੰਘ ਇੰਚਾਰਜ ਪੁਲਿਸ ਚੌਂਕੀ ਮੈਡੀਕਲ ਹਸਪਤਾਲ ਫ਼ਰੀਦਕੋਟ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਾਦਿਕ ਰੋਡ, ਬਾਜੀਗਰ ਬਸਤੀ ਮੌੜ ਫ਼ਰੀਦਕੋਟ ਮੌਜੂਦ ਸਨ ਤਾਂ ਭਾਰਤ ਸਿੰਘ ਪੁੱਤਰ ਹਰਕਿ੍ਸ਼ਨ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 7.80 ਗ੍ਰਾਮ ਹੈਰੋਇਨ ਸਮੇਤ ਲਿਫ਼ਾਫ਼ਾ ਅਤੇ ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |