ਫ਼ਰੀਦਕੋਟ, 17 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਟਰੇਡਰ ਕਮੇਟੀ ਦੀ ਇਕ ਅਹਿਮ ਮੀਟਿੰਗ ਪੁਰਾਣੀ ਦਾਣਾ ਮੰਡੀ ਵਿਖੇ ਨਰੇਸ਼ ਕੁਮਾਰ ਚੇਅਰਮੈਨ ਜ਼ਿਲ੍ਹਾ ਟਰੇਡਰ ਕਮੇਟੀ ਦੀ ਅਗਵਾਈ ਹੇਠ ਕੀਤੀ ਗਈ | ਇਸ ਮੀਟਿੰਗ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਅਮੋਲਕ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਸ਼ਹਿਰ ਦੇ ਵਪਾਰੀਆਂ ਵਲੋਂ ਉਠਾਈਆਂ ਗਈਆਂ ਵੱਖ-ਵੱਖ ਸਮੱਸਿਆਵਾਂ ਜਿਵੇਂ ਕਿ ਟਰੈਫਿਕ ਜਾਮ, ਪਾਰਕਿੰਗ ਦੀ ਘਾਟ, ਸਫ਼ਾਈ ਪ੍ਰਬੰਧ, ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ ਵਿਚ ਸੁਧਾਰ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਸੀਵਰੇਜ ਪ੍ਰਣਾਲੀ ਅਤੇ ਸੁਰੱਖਿਆ ਵਿਵਸਥਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਨਿਵੇਕਲਾ ਉਪਰਾਲਾ ਹੈ ਕਿ ਵਪਾਰੀ ਵਰਗ ਕੋਲ ਜਾ ਕੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਯੋਗ ਹੱਲ ਕਰਨਾ ਹੈ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ ਅਤੇ ਵਿਕਾਸ ਕਾਰਜਾਂ ਵਿਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਹਲਕਾ ਫ਼ਰੀਦਕੋਟ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਜਾਰੀ ਹਨ | ਵਿਧਾਇਕ ਜੈਤੋ ਅਮੋਲਕ ਸਿੰਘ ਨੇ ਕਿਹਾ ਕਿ ਜੈਤੋ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿਚ ਵੀ ਵਪਾਰਕ ਸਰਗਰਮੀਆਂ ਨੂੰ ਵਧਾਉਣ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਣ | ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਅੱਜ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਲਈ ਖੁੱਲ੍ਹੇ ਤੌਰ 'ਤੇ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ 15 ਦਿਨ ਦੇ ਅੰਦਰ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਪਾਰੀਆਂ ਨਾਲ ਸਬੰਧਿਤ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਸੈਮੀਨਾਰ ਵੀ ਜਲਦ ਹੀ ਕਰਵਾਇਆ ਜਾਵੇਗਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਜੋਤ ਕੌਰ, ਜੀ.ਏ. ਗੁਰਕਿਰਨਦੀਪ ਸਿੰਘ ਸੰਧੂ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਤੇਜ ਸਿੰਘ ਖੋਸਾ, ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਰਮਨਦੀਪ ਸਿੰਘ ਮੁਮਾਰਾ, ਡਿਪਟੀ ਕਮਿਸ਼ਨਰ ਜੀ.ਐਸ.ਟੀ. ਡੀ.ਐਸ. ਗਰਚਾ, ਸਹਾਇਕ ਸਟੇਟ ਕਮਿਸ਼ਨਰ ਜੀ.ਐਸ.ਟੀ ਵਰੁਣ ਨਾਗਪਾਲ, ਸੁਖਮੰਦਰ ਸਿੰਘ ਰੇਖੀ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ, ਡੀ.ਐਫ.ਐਸ.ਸੀ. ਗੁਰਜੀਤ ਸਿੰਘ ਦਿਉਲ, ਚੇਅਰਮੈਨ ਫ਼ਰੀਦਕੋਟ ਗੁਰਪ੍ਰੀਤ ਸਿੰਘ ਸਿੱਧੂ, ਚੇਅਰਮੈਨ ਕੋਟਕਪੂਰਾ ਰਵਿੰਦਰ ਗੋਇਲ, ਚੇਅਰਮੈਨ ਜੈਤੋ ਗੋਪਾਲ ਕਿ੍ਸ਼ਨ ਸ਼ੈਲੀ, ਈ.ਓ ਨਗਰ ਕੌਂਸਲ ਅੰਮਿ੍ਤ ਲਾਲ, ਮਨਜੀਤ ਸ਼ਰਮਾ ਜ਼ਿਲ੍ਹਾ ਸਕੱਤਰ ਸ਼ੋਸ਼ਲ ਮੀਡੀਆ, ਕਿਸਾਨ ਵਿੰਗ ਤੋਂ ਗੁਰਸੇਵਕ ਸਿੰਘ ਬੁੱਟਰ, ਰਣਜੀਤ ਕੌਰ ਮਾਣ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਪ ਆਗੂ ਅਤੇ ਵਪਾਰੀ ਹਾਜ਼ਰ ਸਨ |