ਸ੍ਰੀ ਮੁਕਤਸਰ ਸਾਹਿਬ, 18 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਲੋਕਾਂ ਨੂੰ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਲਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਇਸ ਸੰਬੰਧ ਵਿਚ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਦੀ ਪ੍ਰਧਾਨਗੀ ਅਤੇ ਕੁਮਾਰ ਰਾਹੁਲ ਆਈ.ਏ.ਐੱਸ. ਪ੍ਰਮੱਖ ਸਕੱਤਰ ਸਿਹਤ ਵਿਭਾਗ ਪੰਜਾਬ ਤੇ ਸਿਹਤ ਵਿਭਾਗ ਦੇ ਉਚ ਅਧਿਕਾਰੀਆਂ ਦੀ ਹਾਜ਼ਰੀ ਵਿਚ ਪੰਜਾਬ ਦੇ ਸਾਰੇ ਸਿਵਲ ਸਰਜਨਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ ਗਈ | ਮੀਟਿੰਗ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਵਧੀਆ ਕਾਰਗੁਜ਼ਾਰੀ ਬਦਲੇ ਡਾ. ਸੁਨੀਲ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਅਤੇ ਸਿਹਤ ਮੰਤਰੀ ਪੰਜਾਬ ਵਲੋਂ ਇਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਜ਼ਿੰਮੇਵਾਰੀਆਂ ਦੀ ਪ੍ਰਸੰਸਾ ਕੀਤੀ ਗਈ | ਇਸ ਸੰਬੰਧ ਵਿਚ ਡਾ. ਸੁਨੀਲ ਬਾਂਸਲ ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਰਾਜ ਪੱਧਰ 'ਤੇ ਸਨਮਾਨਿਤ ਹੋਣਾ ਬੜੇ ਮਾਣ ਵਾਲੀ ਗੱਲ ਹੈ ਅਤੇ ਇਸ ਦਾ ਸਿਹਰਾ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਅਤੇ ਜ਼ਿਲ੍ਹੇ ਦੇ ਮਿਹਨਤੀ ਅਫ਼ਸਰਾਂ ਨੂੰ ਜਾਂਦਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਪੂਰੇ ਪੰਜਾਬ ਵਿਚੋਂ ਪਹਿਲੇ ਨੰਬਰ 'ਤੇ ਲੈ ਕੇ ਆਉਣਾ ਉਨ੍ਹਾਂ ਦਾ ਮੁੱਖ ਮਕਸਦ ਹੋਵੇਗਾ | ਉਨ੍ਹਾਂ ਜ਼ਿਲ੍ਹੇ ਦੇ ਸਾਰੇ ਪ੍ਰੋਗਰਾਮ ਅਫ਼ਸਰਾਂ ਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਇਸ ਸਨਮਾਨ ਲਈ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਾਰੀਆਂ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਵਧੀਆ ਵਿਵਹਾਰ ਕੀਤਾ ਜਾਵੇ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ | ਉਨ੍ਹਾਂ ਸਿਹਤ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ |