ਕੋਟਕਪੂਰਾ, 18 ਫ਼ਰਵਰੀ (ਮੋਹਰ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਰੈਡ ਰਿਬਨ ਕਲੱਬ ਵਲੋਂ ਵਿਦਿਆਰਥੀਆਂ ਵਿਚ ਸਿਹਤ ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ ਨੌਜਵਾਨਾਂ ਨੂੰ ਏਡਜ਼ ਅਤੇ ਐਚ.ਆਈ.ਵੀ ਬਾਰੇ ਜਾਗਰੂਕ ਕਰਨਾ, ਨਸ਼ਿਆਂ ਦੇ ਨੁਕਸਾਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ | ਮੁਕਾਬਲੇ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਵਿਦਿਆਰਥੀਆਂ ਨੇ ਆਪਣੇ ਪੋਸਟਰਾਂ ਰਾਹੀਂ ਏਡਜ਼ ਅਤੇ ਐਚ.ਆਈ.ਵੀ ਜਾਗਰੂਕਤਾ, ਨਸ਼ਿਆਂ ਨੂੰ ਨਾ ਕਹੋU, ਸੁਰੱਖਿਅਤ ਜੀਵਨ ਸ਼ੈਲੀ ਅਤੇ ਸਮਾਜਿਕ ਸਿਹਤ ਸਬੰਧੀ ਮਹੱਤਵਪੂਰਨ ਸੁਨੇਹੇ ਬਹੁਤ ਹੀ ਰਚਨਾਤਮਕ ਢੰਗ ਨਾਲ ਪੇਸ਼ ਕੀਤੇ | ਉਨ੍ਹਾਂ ਦੀ ਕਲਾਤਮਿਕ ਪ੍ਰਤਿਭਾ ਅਤੇ ਸਮਾਜਿਕ ਚੇਤਨਾ ਦਾ ਪ੍ਰਦਰਸ਼ਨ ਕਾਬਿਲ-ਏ-ਤਾਰੀਫ਼ ਸੀ | ਕਾਲਜ ਦੇ ਪਿ੍ੰਸੀਪਲ ਪੂਜਾ ਭੱਲਾ ਅਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਸਮਾਜਿਕ ਜਾਗਰੂਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਨੇ ਰੈਡ ਰਿਬਨ ਕਲੱਬ ਦੀ ਇਸ ਮਹੱਤਵਪੂਰਨ ਪਹਿਲ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵੀ ਅਜਿਹੇ ਜਾਗਰੂਕਤਾ ਕਾਰਜਕ੍ਰਮ ਕਰਵਾਉਣ ਦੀ ਲੋੜ 'ਤੇ ਜੋਰ ਦਿੱਤਾ | ਮੁਕਾਬਲੇ ਦੇ ਅੰਤ ਵਿਚ ਜੱਜਾਂ ਵਲੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਆਪਣੀ ਰਚਨਾਤਮਕਤਾ ਦਿਖਾਉਣ ਦੇ ਨਾਲ-ਨਾਲ ਸਮਾਜਿਕ ਮੁੱਦਿਆਂ ਪ੍ਰਤੀ ਸੰਵੇਦਨਸ਼ੀਲ ਬਣਨ ਲਈ ਪ੍ਰੇਰਿਤ ਕੀਤਾ | ਰੈਡ ਰਿਬਨ ਕਲੱਬ ਵਲੋਂ ਇਹ ਮੁਕਾਬਲਾ ਕਾਲਜ ਵਿਚ ਜਾਗਰੂਕਤਾ ਫੈਲਾਉਣ ਲਈ ਇਕ ਸ਼ਲਾਘਾਯੋਗ ਕਦਮ ਸਾਬਤ ਹੋਇਆ |