ਕੋਟਕਪੂਰਾ, 19 ਫ਼ਰਵਰੀ (ਮੋਹਰ ਸਿੰਘ ਗਿੱਲ)-ਕੋਟਕਪੂਰਾ ਹਲਕੇ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਣ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਨ੍ਹਾਂ ਦੀ ਸੁਚੱਜੀ ਵਿਉਂਤਬੰਦੀ ਲਈ ਨਗਰ ਕੌਂਸਲ ਕੋਟਕਪੂਰਾ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ਅੰਦਰ ਗੁਣਵੱਤਾ ਸਮੇਤ ਪੂਰਾ ਕਰਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਸਪੀਕਰ ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵਚਨਬੱਧ ਹੈ ਅਤੇ ਇਨ੍ਹਾਂ ਪ੍ਰੋਜੈਕਟਾਂ ਨਾਲ ਸ਼ਹਿਰ ਦੀਆਂ ਬੁਨਿਆਦੀ ਸੁਵਿਧਾਵਾਂ ਵਿਚ ਮਹੱਤਵਪੂਰਨ ਸੁਧਾਰ ਆਵੇਗਾ | ਉਨ੍ਹਾਂ ਦੱਸਿਆ ਕਿ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਆਦਿ ਮਹੱਤਵਪੂਰਨ ਕੰਮ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਆਮ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ | ਇਸ ਮੌਕੇ ਸਪੀਕਰ ਸੰਧਵਾਂ ਨੇ ਨਗਰ ਨਿਵਾਸੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੌਕੇ 'ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਹੱਲ ਯਕੀਨੀ ਬਣਾਉਣ ਲਈ ਕਿਹਾ |