ਕੋਟਕਪੂਰਾ, 28 ਫ਼ਰਵਰੀ (ਮੋਹਰ ਸਿੰਘ ਗਿੱਲ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜਗਤਾਰ ਸਿੰਘ ਹਰੀਨੌਂ ਨੇ ਮੁੱਖ ਮੰਤਰੀ ਭਗਵੰਤ ਮਾਨ ਪਾਸੋਂ ਮੰਗ ਕੀਤੀ ਹੈ ਕਿ ਸਾਲ 2022 ਵਿਚ ਸਰਕਾਰ ਬਣਨ ਸਮੇਂ ਨੰਬਰਦਾਰਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਹ ਤੁਰੰਤ ਪੂਰੇ ਕੀਤੇ ਜਾਣ | ਉਨ੍ਹਾਂ ਕਿਹਾ ਕਿ ਨੰਬਰਦਾਰਾਂ ਦੀਆਂ ਮੰਗਾਂ ਜਾਇਜ਼ ਹਨ ਪਰ ਪੂਰੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਨੰਬਰਦਾਰਾਂ ਦੀਆਂ ਮੰਗਾਂ ਨਹੀਂ ਮੰਨੀਆਂ, ਜਿਸ ਕਰਕੇ ਨੰਬਰਦਾਰਾਂ ਵਿਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਹੈ | ਪ੍ਰਧਾਨ ਜਗਤਾਰ ਸਿੰਘ ਹਰੀਨੌਂ ਨੇ ਕਿਹਾ ਕਿ ਮੰਗਾਂ ਵਿਚ ਸ਼ਾਮਿਲ ਨੰਬਰਦਾਰੀ ਨੂੰ ਜੱਦੀ ਪੁਸ਼ਤੀ ਕੀਤੀ ਜਾਵੇ, ਮਾਣ ਭੱਤਾ 1500 ਤੋਂ ਵਧਾ ਕੇ 5 ਹਜ਼ਾਰ ਰੁਪਏ ਕਰਨ ਸਮੇਤ ਹੋਰ ਮੰਗਾਂ ਸ਼ਾਮਿਲ ਹਨ | ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਆਉਂਦੀਆਂ ਚੋਣਾਂ 'ਚ ਸਰਕਾਰ ਦੇ ਵਿਰੁੱਧ ਭੁਗਤਿਆ ਜਾਵੇਗਾ | ਇਸ ਮੌਕੇ ਤਹਿਸੀਲ ਪ੍ਰਧਾਨ ਗੁਰਚਰਨ ਸਿੰਘ, ਬਲਜੀਤ ਸਿੰਘ ਮੰਡਵਾਲਾ ਅਤੇ ਹੋਰ ਨੰਬਰਦਾਰ ਹਾਜ਼ਰ ਸਨ |