ਫ਼ਰੀਦਕੋਟ, 29 ਅਪ੍ਰੈਲ (ਸਰਬਜੀਤ ਸਿੰਘ)-ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨੇੜੇ ਜਹਾਜ਼ ਗਰਾਊਾਡ ਮੌਜੂਦ ਸਨ ਤਾਂ ਉਥੇ ਲਖਵੀਰ ਸਿੰਘ ਲਾਡੀ ਪੁੱਤਰ ਗੁਰਦੇਵ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 55 ਪਾਬੰਦੀਸ਼ੂਦਾ ਨਸ਼ੇ ਦੀਆਂ ਖੁੱਲੀਆਂ ਗੋਲੀਆਂ ਅਤੇ 200 ਨਸ਼ੇ ਲਈ ਵਰਤੇ ਜਾਣ ਵਾਲੇ ਕੈਪਸੂਲ ਬਰਾਮਦ ਕੀਤੇ ਗਏ | ਜਿਸ 'ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਬੇਗੂਵਾਲਾ ਤੋਂ ਪਾਰਤ ਸਿੰਘ ਪੁੱਤਰ ਹਰਕਿ੍ਸ਼ਨ ਸਿੰਘ ਵਾਸੀ ਅਰਾਈਆਂਵਾਲਾ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 30 ਚਿੱਟੇ ਰੰਗ ਦੀਆਂ ਪਾਬੰਦੀਸ਼ੂਦਾ ਨਸ਼ੇ ਦੀਆਂ ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |