ਜੈਤੋ, 29 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ)ਸਬ ਡਵੀਜ਼ਨ ਜੈਤੋ 'ਚ ਪਿਛਲੇ ਦਿਨਾਂ ਤੋਂ ਲੱਗ ਰਹੇ ਲੰਬੇ ਅਤੇ ਅਣਐਲਾਨੇ ਬਿਜਲੀ ਕੱਟਾਂ ਨਾਲ ਆਮ ਲੋਕਾਂ ਦਾ ਰੋਜ਼ਾਨਾ ਦਾ ਜਨ ਜਵੀਨ ਪ੍ਰਭਾਵਿਤ ਹੋ ਰਿਹਾ ਹੈ | ਜਿੱਥੇ ਤਪਦੀ ਗਰਮੀ ਤੇ ਰਾਤ ਦੇ ਸਮੇਂ ਵਿਚ ਘੰਟਿਆਂ ਦੀ ਬਿਜਲੀ ਕਟੌਤੀ ਕਾਰਨ ਘਰਾਂ ਵਿਚ ਪਾਣੀ ਦੀ ਕਮੀ ਕਾਰਨ ਲੋਕਾਂ ਵਿਚ ਗੁੱਸਾ ਹੈ ਉੱਥੇ ਮੱਛਰ ਕਾਰਨ ਬਿਮਾਰੀਆਂ ਫ਼ੈਲਣ ਦਾ ਖ਼ਤਰਾ ਹੈ ਜਿਸ ਕਾਰਨ ਆਮ ਲੋਕ ਸਰਕਾਰ ਖ਼ਿਲਾਫ਼ ਖੁੱਲ੍ਹ ਕੇ ਆਪਣੀ ਨਾਰਾਜ਼ਗੀ ਜਤਾ ਰਹੇ ਹਨ | ਇਸ ਮਾਮਲੇ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਬਿਜਲੀ ਪ੍ਰਬੰਧ ਪੂਰੀ ਤਰ੍ਹਾਂ ਡਿੱਗ ਚੁੱਕਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਪ੍ਰਸ਼ਾਸਨ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਨਾਕਾਮ ਰਿਹਾ ਹੈ, ਜਿਸ ਦਾ ਸਿੱਧਾ ਅਸਰ ਆਮ ਆਦਮੀ 'ਤੇ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਗੰਭੀਰ ਬਿਜਲੀ ਸੰਕਟ ਦੇ ਖ਼ਿਲਾਫ਼ ਜਨਤਾ ਦੀ ਆਵਾਜ਼ ਬੁਲੰਦ ਕਰਨ ਲਈ ਮਿਤੀ 30 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਐਸ.ਡੀ.ਐਮ. ਦਫ਼ਤਰ ਜੈਤੋ ਅੱਗੇ ਵੱਡੇ ਪੱਧਰ 'ਤੇ ਰੋਸ ਧਰਨਾ ਦਿੱਤਾ ਜਾਵੇਗਾ |