ਫ਼ਰੀਦਕੋਟ, 30 ਅਪ੍ਰੈਲ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਕੀਤੀ ਗਈ ਚੈਕਿੰਗ ਦੌਰਾਨ ਬੈਰਕਾਂ 'ਚੋਂ ਤਿੰਨ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ | ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ 5 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਸੂਚਨਾ ਅਨੁਸਾਰ ਗੁਰਚਰਨ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਦੀਆਂ ਬੈਰਕਾਂ ਦੀ ਜੇਲ੍ਹ ਕਰਮਚਾਰੀਆਂ ਵਲੋਂ ਅਚਾਨਕ ਤਲਾਸ਼ੀ ਲਈ ਗਈ ਤਾਂ ਤਿੰਨ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਹਵਾਲਾਤੀ ਹਰਜਿੰਦਰ ਸਿੰਘ ਕਾਕੂ ਪੁੱਤਰ ਰਾਜ ਸਿੰਘ, ਹਵਾਲਾਤੀ ਜਸਵਿੰਦਰ ਸਿੰਘ ਜੱਸੀ ਪੁੱਤਰ ਭਗਵਾਨ ਸਿੰਘ, ਹਾਵਾਲਾਤੀ ਬੁੱਧ ਪ੍ਰਕਾਸ਼ ਪੁੱਤਰ ਜਸਵੰਤ ਸਿੰਘ, ਹਵਾਲਾਤੀ ਸਾਹਿਬ ਸਿੰਘ ਪੁੱਤਰ ਮੁਖਤਿਆਰ ਸਿੰਘ ਤੇ ਹਾਵਾਲਾਤੀ ਮਨਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਪੜਤਾਲ ਕੀਤੀ ਜਾ ਰਹੀ ਹੈ ਕਿ ਇਹ ਮੋਬਾਈਲ ਫ਼ੋਨ ਜੇਲ੍ਹ ਵਿਚ ਕਿਸ ਜਰੀਏ ਪਹੁੰਚੇ |