ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਵਲ ਸਰਜਨ ਡਾ. ਸੁਨੀਲ ਬਾਂਸਲ ਦੀ ਪ੍ਰਧਾਨਗੀ ਹੇਠ ਟੀਕਾਕਰਨ ਪ੍ਰੋਗਰਾਮ ਤੇ ਐੱਚ.ਪੀ.ਵੀ. ਵੈਕਸੀਨ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਵੀਡੀਓ ਕਾਨਫ਼ਰੰਸ ਰਾਹੀਂ ਮੀਟਿੰਗ ਕੀਤੀ ਗਈ | ਮੀਟਿੰਗ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ, ਜ਼ਿਲ੍ਹਾ ਸੂਚਨਾ ਤੇ ਲੋਕ ਸੰਪਰਕ ਅਫ਼ਸਰ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ, ਪ੍ਰਧਾਨ ਐੱਨ.ਜੀ.ਓ., ਨੁਮਾਇੰਦਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਲੇਬਰ ਇੰਸਪੈਕਟਰ, ਈ.ਓ., ਸਿਹਤ ਵਿਭਾਗ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਸੁਨੀਲ ਬਾਂਸਲ ਨੇ ਕਿਹਾ ਕਿ ਜ਼ਿਲ੍ਹੇ ਅਧੀਨ ਕੋਈ ਵੀ ਬੱਚਾ ਰੁਟੀਨ ਟੀਕਾਕਰਨ ਤੋਂ ਵਾਂਝਾ ਨਾ ਰਹੇ ਤੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਸਮੇਂ ਸਿਰ ਕਰਨਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਪਾਸੋਂ ਵੀ ਰੁਟੀਨ ਟੀਕਾਕਰਨ ਵਿਚ ਬਣਦਾ ਸਹਿਯੋਗ ਲਿਆ ਜਾਵੇ | ਉਨ੍ਹਾਂ ਸਲੱਮ ਏਰੀਆ, ਦਾਣਾ ਮੰਡੀਆਂ, ਭੱਠਿਆਂ, ਫ਼ੈਕਟਰੀਆਂ ਆਦਿ ਵਿਚ ਆਉਣ ਵਾਲੀ ਮਾਇਗ੍ਰੇਟਰੀ ਆਬਾਦੀ ਲਈ ਵਿਸ਼ੇਸ਼ ਟੀਕਾਕਰਨ ਸ਼ੈਸ਼ਨ ਲਗਾਉਣ ਲਈ ਕਿਹਾ ਗਿਆ, ਤਾਂ ਜੋ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੀਜ਼ਲ ਤੇ ਰੂਬੇਲਾ ਦੀ ਬਿਮਾਰੀ ਨੂੰ 2026 ਤੱਕ ਸਮਾਜ 'ਚੋਂ ਖ਼ਤਮ ਕਰਨ ਦਾ ਟੀਚਾ ਮਿੱਥਿਆ ਹੈ, ਇਸ ਲਈ ਮੀਜ਼ਲ ਤੇ ਰੁਬੇਲਾ ਦਾ ਟੀਕਾਕਰਨ 9 ਮਹੀਨੇ ਅਤੇ 16 ਮਹੀਨੇ ਦੀ ਉਮਰ ਤੇ 100 ਪ੍ਰਤੀਸ਼ਤ ਬੱਚਿਆਂ ਦਾ ਟੀਕਾਕਰਨ ਯਕੀਨੀ ਬਣਾਇਆ ਜਾਵੇ | ਇਸ ਮੌਕੇ ਡਾ. ਲਖਵੀਰ ਕੌਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ 12 ਮਾਰੂ ਬਿਮਾਰੀਆਂ ਦਾ ਮੁਫ਼ਤ ਟੀਕਾਕਰਨ ਕੀਤਾ ਜਾ ਰਿਹਾ ਹੈ | ਉਨ੍ਹਾਂ ਸਮੂਹ ਵਿਭਾਗਾਂ ਦੇ ਮੁਖੀਆਂ, ਆਈ.ਐੱਮ.ਏ., ਐੱਨ.ਜੀ.ਓ. ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ |