19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸਿਟੀ ਵਿਕਾਸ ਮੰਚ ਮਲੋਟ ਦੀ ਮੀਟਿੰਗ

ਅਜੀਤ ਡੈਸਕ 11-05-2026
ਮਲੋਟ, 10 ਮਈ (ਪਾਟਿਲ)-ਮਲੋਟ ਵਿਚ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਹੈ | ਗਲੀਆਂ, ਮੁੱਖ ਸੜਕਾਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਕੂੜੇ ਦੇ ਢੇਰ ਲੱਗਣ ਨਾਲ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਦੇ ਨਾਲ ਹੀ ਕਈ ਥਾਵਾਂ 'ਤੇ ਗੰਦੇ ਪਾਣੀ ਦੀ ਸਪਲਾਈ ਹੋਣ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਬਿਮਾਰੀਆਂ ਫ਼ੈਲਣ ਦਾ ਖ਼ਤਰਾ ਬਣਿਆ ਹੋਇਆ ਹੈ | ਇਸ ਸੰਬੰਧੀ ਸਿਟੀ ਵਿਕਾਸ ਮੰਚ ਮਲੋਟ ਵਲੋਂ ਵਿਗੜ ਰਹੀ ਸਫ਼ਾਈ ਵਿਵਸਥਾ ਅਤੇ ਪੀਣ ਵਾਲੇ ਗੰਦੇ ਪਾਣੀ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ | ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਨੇ ਕਿਹਾ ਕਿ ਜੇਕਰ ਜਲਦੀ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਡੇਂਗੂ, ਮਲੇਰੀਆ ਤੇ ਹੋਰ ਸੰਕਰਾਮਕ ਬਿਮਾਰੀਆਂ ਫ਼ੈਲ ਸਕਦੀਆਂ ਹਨ | ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਗਰਮੀ, ਸਰਦੀ, ਧੁੱਪ ਅਤੇ ਮੀਂਹ ਦੀ ਪ੍ਰਵਾਹ ਕੀਤੇ ਬਿਨਾਂ ਦਿਨ-ਰਾਤ ਆਪਣੀ ਡਿਊਟੀ ਨਿਭਾਉਂਦੇ ਹਨ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਸਫ਼ਾਈ ਸੇਵਕਾਂ ਦੀ ਮਿਹਨਤ ਤੇ ਸੇਵਾਵਾਂ ਨੂੰ ਸਲਾਮ ਕਰਦਿਆਂ ਕਿਹਾ ਕਿ ਸਮਾਜ ਨੂੰ ਉਨ੍ਹਾਂ ਦੇ ਯੋਗਦਾਨ ਦੀ ਕਦਰ ਕਰਨੀ ਚਾਹੀਦੀ ਹੈ | ਇਸ ਮੌਕੇ ਪ੍ਰਧਾਨ ਸਰੂਪ ਸਿੰਘ, ਕਨਵੀਨਰ ਡਾ. ਸੁਖਦੇਵ ਸਿੰਘ ਗਿੱਲ, ਅਵਤਾਰ ਸਿੰਘ ਬਰਾੜ, ਦੇਸਰਾਜ ਸਿੰਘ, ਹਰਿਮੰਦਰ ਸਿੰਘ ਹਰੀ, ਜਗਜੀਤ ਸਿੰਘ ਔਲਖ, ਭਾਰਤ ਭੂਸ਼ਣ, ਰਕੇਸ਼ ਕੁਮਾਰ ਜੈਨ, ਗੁਰਚਰਨ ਸਿੰਘ ਸੋਨੀ, ਦਰਸ਼ਨ ਸਿੰਘ, ਨਾਜਰ ਸਿੰਘ ਨਾਮਧਾਰੀ, ਹਰਦਿਆਲ ਸਿੰਘ, ਬਲਵੰਤ ਸਿੰਘ ਵਕੀਲ, ਮਦਨ ਲਾਲ ਆਦਿ ਨੇ ਮੁੱਖ ਮੰਤਰੀ ਪੰਜਾਬ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰਕੇ ਹੜਤਾਲ ਖ਼ਤਮ ਕਰਵਾਈ ਜਾਵੇ ਅਤੇ ਸ਼ਹਿਰ ਵਿਚ ਸਫ਼ਾਈ ਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਨੂੰ ਜਲਦ ਸੁਚਾਰੂ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਹੋ ਰਹੀਆਂ ਮੁਸ਼ਕਿਲਾਂ ਤੋਂ ਰਾਹਤ ਮਿਲ ਸਕੇ |
ਪਿਛਲੀ ਖ਼ਬਰ ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਕਲੈਰੀਕਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।