ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਫ਼ੈਸਲੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਮੇਨ ਵਾਟਰ ਵਰਕਸ ਕੋਟਕਪੂਰਾ ਰੋਡ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬਣਾਈ ਗਈ ਕੱਚੇ/ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲੀ ਕੈਬਨਿਟ ਸਬ-ਕਮੇਟੀ ਵਲੋਂ ਪਿਛਲੇ 4 ਸਾਲਾਂ ਤੋਂ ਪਿਛਲੇ ਚਾਰ ਸਾਲਾਂ ਦੇ ਦੌਰਾਨ ਠੇਕਾ ਮੁਲਾਜ਼ਮਾਂ ਨੂੰ ਝੂਠੇ ਲਾਰਿਆਂ 'ਚ ਰੱਖਿਆ ਹੋਇਆ ਹੈ ਅਤੇ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ ਕਰਕੇ ਪੱਕੇ ਕਰਨ ਸਬੰਧੀ ਕੋਈ ਵੀ ਪਾਲਸੀ ਲਾਗੂ ਨਹੀਂ ਕੀਤੀ ਜਾ ਰਹੀ | ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਸਾਲਾਂਬੱਧੀ ਅਰਸੇ ਤੋਂ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮ ਵਿਰੋਧੀ ਮਾਰੂ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ | ਆਗੂਆਂ ਨੇ ਮੰਗ ਕੀਤੀ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਪਿਛਲੇ ਲੰਮੇ ਅਰਸੇ ਤੋਂ ਕੰਮ ਕਰਦੇ ਆ ਰਹੇ ਇਨਲਿਸਟਮੈਟ ਅਤੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਸਬੰਧਿਤ ਵਿਭਾਗਾਂ ਵਿਚ ਮਰਜ ਕਰਕੇ ਰੈਗੂਲਰ ਕੀਤਾ ਜਾਵੇ | ਜੇਕਰ ਪੰਜਾਬ ਸਰਕਾਰ ਇਨ੍ਹਾਂ ਆਊਟਸੋਰਸ ਇੰਨਲਿਸਟਮੈਟ ਮੁਲਾਜ਼ਮਾਂ ਦੀ ਮੰਗ ਨਹੀਂ ਮੰਨਦੀ ਤਾਂ 23 ਮਈ ਨੂੰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਦਿੜ੍ਹਬਾ ਅੱਗੇ ਵੱਡੇ ਪੱਧਰ 'ਤੇ ਦਿਨ ਰਾਤ ਦਾ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਵਰਕਰਾ ਵਲੋਂ ਵੱਧ ਚੜ੍ਹਕੇ ਸ਼ਮੂਲੀਅਤ ਕੀਤੀ ਜਾਵੇਗੀ |