ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਹਾਈਕਮਾਂਡ ਵਲੋਂ ਨਿਯੁਕਤ ਕੀਤੇ ਗਏ ਚੋਣ ਨਿਗਰਾਨ ਰਾਜਿੰਦਰ ਛਾਬੜਾ ਸਾਬਕਾ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਨੇ ਸ਼ਹਿਰ ਦੇ 25 ਵਾਰਡਾਂ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ | ਇਸ ਮੌਕੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਵੀ ਹਾਜ਼ਰ ਸਨ | ਫ਼ਰੀਦਕੋਟ ਕਲੱਬ ਵਿਖੇ ਕੀਤੀ ਗਈ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਰਾਜਿੰਦਰ ਛਾਬੜਾ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਕਾਂਗਰਸ ਪਾਰਟੀ ਲਈ ਸਾਲ 2027 ਲਈ ਆਗਾਜ਼ ਹੈ | ਪਾਰਟੀ ਇਹ ਚੋਣਾਂ ਬਹੁਮਤ ਨਾਲ ਜਿੱਤੇਗੀ | ਉਨ੍ਹਾਂ ਉਮੀਦਵਾਰਾਂ ਨੂੰ ਕਿਹਾ ਕਿ ਉਹ ਪੂਰੀ ਮਜ਼ਬੂਤੀ ਨਾਲ ਇਨ੍ਹਾਂ ਚੋਣਾਂ ਵਿਚ ਭਾਗ ਲੈਣ | ਇਸ ਮੌਕੇ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਵਾਰਡਵੰਦੀ ਤੋਂ ਲੈ ਕੇ ਹੁਣ ਤੱਕ ਵਿਰੋਧੀ ਪਾਰਟੀਆਂ ਨੂੰ ਸੱਤ੍ਹਾਧਾਰੀ ਪਾਰਟੀ ਦੀ ਧੱਕੇਸ਼ਾਹੀ ਦਾ ਸ਼ਿਕਾਰ ਹੋਣਾ ਪਿਆ ਹੈ ਪ੍ਰੰਤੂ ਇਸਦੇ ਬਾਵਜੂਦ ਵੀ ਪਾਰਟੀ ਦੇ ਵਰਕਰ ਮਜ਼ਬੂਤ ਸਥਿਤੀ ਵਿਚ ਪਾਰਟੀ ਨਾਲ ਖੜ੍ਹੇ ਹਨ | ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਵਿਚ ਤਿੰਨ ਨਗਰ ਕੌਂਸਲਾਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਚ ਸੱਤਾਧਾਰੀ ਪਾਰਟੀ ਦਾ ਧੱਕਾ ਬਿਲਕੁਲ ਬਰਦਾਸਤ ਨਹੀਂ ਕੀਤਾ ਜਾਵੇਗਾ |