ਫ਼ਰੀਦਕੋਟ, 18 ਮਈ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਾਦਿਕ ਰੋਡ ਫ਼ਰੀਦਕੋਟ ਵਿਖੇ ਛਾਊਣੀ ਨਜ਼ਦੀਕ ਮੌਜੂਦ ਸਨ ਤਾਂ ਤਰਸੇਮ ਸਿੰਘ ਉਰਫ਼ ਸਨੀ ਪੁੱਤਰ ਉਜਾਗਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 30 ਪਾਬੰਦੀਸ਼ੁਦਾ ਚਿੱਟੇ ਰੰਗ ਦੀਆਂ ਨਸ਼ੇ ਦੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਬੇਅੰਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਰੁਪਈਆਂ ਵਾਲਾ ਤੋਂ ਹੈਪੀ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਸਾਦਿਕ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 23 ਨਸ਼ੇ ਦੀਆਂ ਚਿੱਟੇ ਰੰਗ ਦੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਾਦਿਕ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |