ਜੈਤੋ, 18 ਮਈ (ਗੁਰਮੀਤਪਾਲ ਰੋੜੀਕਪੂਰਾ)-ਪਿੰਡ ਕਰੀਰਵਾਲੀ ਵਿਚ ਕਰਵਾਇਆ ਜਾ ਰਿਹਾ ਕਿ੍ਕਟ ਟੂਰਨਾਮੈਂਟ ਬੜੇ ਹੀ ਉਤਸ਼ਾਹ ਅਤੇ ਜੋਸ਼ ਨਾਲ ਸ਼ੁਰੂ ਹੋਇਆ | ਟੂਰਨਾਮੈਂਟ ਦਾ ਉਦਘਾਟਨ ਸੰਤ ਰਿਸ਼ੀ ਰਾਮ ਜੀ ਜਲਾਲ ਵਾਲੇ ਪ੍ਰਧਾਨ ਮਾਤਾ ਅਮਰ ਕੌਰ ਚੈਰੀਟੇਬਲ ਅੱਖਾਂ ਦਾ ਹਸਪਤਾਲ ਜੈਤੋ, ਸਮੂਹ ਨਗਰ ਨਿਵਾਸੀਆਂ ਅਤੇ ਪਿੰਡ ਦੀ ਪੰਚਾਇਤ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਪਿੰਡ ਕਰੀਰਵਾਲੀ ਦੀ ਕਿ੍ਕਟ ਕਮੇਟੀ ਵਲੋਂ ਟੂਰਨਾਮੈਂਟ ਵਿਚ ਭਾਗ ਲੈ ਰਹੀਆਂ ਟੀਮਾਂ ਲਈ ਬਹੁਤ ਹੀ ਵਧੀਆ ਅਤੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ | ਖਿਡਾਰੀਆਂ ਲਈ ਰਹਿਣ-ਸਹਿਣ, ਪੀਣ ਵਾਲੇ ਪਾਣੀ ਅਤੇ ਹੋਰ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ, ਜਿਸ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ | ਉਦਘਾਟਨੀ ਸਮਾਗਮ ਦੌਰਾਨ ਸੰਤ ਰਿਸ਼ੀ ਰਾਮ ਜੀ ਜਲਾਲ ਵਾਲਿਆਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਖੇਡ ਮੇਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦੇ ਹਨ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਦੇ ਹਨ | ਪਹਿਲੇ ਦਿਨ ਹੋਏ ਮੁਕਾਬਲਿਆਂ ਵਿਚ ਖ਼ਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦਰਸ਼ਕਾਂ ਦਾ ਦਿਲ ਜਿੱਤ ਲਿਆ | ਇਸ ਮੌਕੇ ਸਰਪੰਚ ਜਸਪਾਲ ਸਿੰਘ ਗੋਰਾ, ਹਰਚਰਨ ਸਿੰਘ ਬਾਠ ਸਾਬਕਾ ਸਰਪੰਚ, ਜਸਵਿੰਦਰ ਸਿੰਘ ਬਾਠ, ਜਲੌਰ ਸਿੰਘ ਬਾਠ, ਵਾਜਪਾਈ ਬਾਠ, ਗੁਰਮੀਤ ਸਿੰਘ ਬਰਾੜ, ਕੁਲਬੀਰ ਸਿੰਘ, ਗੁਰਜੀਤ ਸਿੰਘ ਬਾਠ, ਜੱਸਾ ਗਿੱਲ, ਮਨਕੰਵਲ ਸਿੰਘ, ਬੇਅੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਖਿਡਾਰੀ ਤੇ ਖੇਡ ਪ੍ਰੇਮੀ ਹਾਜ਼ਰ ਸਨ |