ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਖ਼ਾਦਾਂ ਦੀ ਸੰਤੁਲਿਤ ਵਰਤੋਂ ਸੰਬੰਧੀ ਰਾਸ਼ਟਰੀ ਮੁਹਿੰਮ ਤਹਿਤ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਿ੍ਬਕੋ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਸ੍ਰੀ ਮੁਕਤਸਰ ਸਾਹਿਬ ਤੇ ਗਿੱਦੜਬਾਹਾ ਬਲਾਕਾਂ ਦੀਆਂ ਵੱਖ-ਵੱਖ ਸਹਿਕਾਰੀ ਸਭਾਵਾਂ ਦੇ 50 ਤੋਂ ਵੱਧ ਸੈਕਟਰੀ ਤੇ ਅਧਿਕਾਰੀਆਂ ਨੇ ਭਾਗ ਲਿਆ | ਇਸ ਸਿਖਲਾਈ ਵਿਚ ਸਹਿਕਾਰੀ ਸਭਾਵਾਂ ਦੇ ਡਿਪਟੀ ਰਜਿਸਟਰਾਰ ਅਭਿਤੇਸ਼ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪ੍ਰੋਗਰਾਮ ਦਾ ਮੁੱਖ ਉਦੇਸ਼ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੂੰ ਮਿੱਟੀ ਦੀ ਸਿਹਤ ਸੁਧਾਰ, ਸੰਤੁਲਿਤ ਖ਼ਾਦ ਵਰਤੋਂ ਅਤੇ ਇਕਸਾਰ ਪੌਸ਼ਕ ਤੱਤ ਪ੍ਰਬੰਧਨ ਪ੍ਰਤੀ ਜਾਗਰੂਕ ਕਰਨਾ ਸੀ | ਇਸ ਮੌਕੇ ਡਾ. ਕਰਮਜੀਤ ਸ਼ਰਮਾ ਐਸੋਸੀਏਟ ਡਾਇਰੈਕਟਰ ਪੀ.ਏ.ਯੂ. ਕਿ੍ਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਨੇ ਰਾਸ਼ਟਰੀ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਇਸ ਦੇ ਮੁੱਖ ਉਦੇਸ਼ਾਂ 'ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ਦੀ ਸੰਭਾਲ ਲਈ ਕਿਸਾਨਾਂ ਵਿਚ ਵਿਗਿਆਨਕ ਖ਼ਾਦ ਵਰਤੋਂ ਨੂੰ ਉਤਸਾਹਿਤ ਕਰਨਾ ਸਮੇਂ ਦੀ ਲੋੜ ਹੈ | ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ (ਐਕਸਟੈਂਸ਼ਨ ਐਜੂਕੇਸ਼ਨ) ਨੇ ਅਸੰਤੁਲਿਤ ਖ਼ਾਦ ਵਰਤੋਂ ਦੇ ਮਿੱਟੀ ਦੀ ਸਿਹਤ ਤੇ ਵਾਤਾਵਰਣ 'ਤੇ ਪੈਣ ਵਾਲੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫ਼ੈਸਰ (ਐਗਰੋਨੋਮੀ) ਨੇ ਜੈਵਿਕ ਸਰੋਤਾਂ ਦੀ ਵਰਤੋਂ, ਹਰੀ ਖਾਦ, ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ, ਖ਼ਾਦਾਂ ਦੀ ਘਾਟ ਸਮੇਂ ਬਦਲਵੇਂ ਵਿਕਲਪ, ਨਾਈਟਰੋਜਨ ਕੁਸ਼ਲ ਫ਼ਸਲੀ ਕਿਸਮਾਂ ਅਤੇ ਸੂਖ਼ਮ ਪੌਸ਼ਕ ਤੱਤਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਡਾ. ਸੁਖਜਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ (ਫ਼ਲ ਵਿਗਿਆਨ) ਨੇ ਫ਼ਲਾਂ ਤੇ ਸਬਜ਼ੀਆਂ ਵਿਚ ਇਕਸਾਰ ਪੌਸ਼ਕ ਤੱਤ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਬਾਗਾਂ ਲਈ ਵਿਗਿਆਨਕ ਢੰਗ ਨਾਲ ਮਿੱਟੀ ਦੇ ਨਮੂਨੇ ਲੈਣ ਦੀ ਪ੍ਰਯੋਗਿਕ ਸਿਖਲਾਈ ਵੀ ਦਿੱਤੀ | ਮੁੱਖ ਮਹਿਮਾਨ ਅਭਿਤੇਸ਼ ਸਿੰਘ ਸੰਧੂ ਨੇ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਿਖਲਾਈ ਦੌਰਾਨ ਪ੍ਰਾਪਤ ਵਿਗਿਆਨਕ ਖੇਤੀ ਜਾਣਕਾਰੀ ਅਤੇ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ | ਅੰਤ ਵਿਚ ਸਹਿਕਾਰੀ ਸਭਾਵਾਂ ਦੇ ਏ.ਆਰ. ਰਾਜਨ ਗੁਰਬਖ਼ਸ਼ ਰਾਏ ਨੇ ਸਭ ਦਾ ਧੰਨਵਾਦ ਕੀਤਾ |