ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਪੰਜਾਬ ਦੇ ਸੇਵਾ ਕੇਂਦਰਾਂ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਇਕ ਸਿਫ਼ਾਰਸ਼ੀ ਪੱਤਰ ਭੇਜਿਆ ਹੈ | ਅਰਸ਼ ਸੱਚਰ ਨੇ ਕਿਹਾ ਕਿ ਸੇਵਾ ਕੇਂਦਰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਸੇਵਾਵਾਂ ਦਾ ਮੁੱਖ ਆਧਾਰ ਹਨ ਅਤੇ ਆਮ ਨਾਗਰਿਕ ਦਾ ਸਰਕਾਰ ਨਾਲ ਪਹਿਲਾ ਸੰਪਰਕ ਇਨ੍ਹਾਂ ਕੇਂਦਰਾਂ ਰਾਹੀਂ ਹੀ ਹੁੰਦਾ ਹੈ | ਪਿਛਲੇ ਕਈ ਸਾਲਾਂ ਤੋਂ ਸੇਵਾ ਕੇਂਦਰਾਂ ਦੇ ਮੁਲਾਜ਼ਮ ਘੱਟ ਤਨਖਾਹਾਂ, ਨੌਕਰੀ ਦੀ ਅਸੁਰੱਖਿਆ, ਠੇਕੇਦਾਰੀ ਪ੍ਰਣਾਲੀ ਅਤੇ ਤਨਖਾਹਾਂ ਦੇ ਸਮੇਂ ਸਿਰ ਭੁਗਤਾਨ ਨਾ ਹੋਣ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੇ ਕਰੋੜਾਂ ਅਰਜ਼ੀਆਂ ਅਤੇ ਲੱਖਾਂ ਸਰਕਾਰੀ ਸੇਵਾਵਾਂ ਨੂੰ ਸਫਲਤਾ ਪੂਰਵਕ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ | ਇਨ੍ਹਾਂ ਦੀ ਮਿਹਨਤ ਅਤੇ ਸਮਰਪਣ ਸਦਕਾ ਸਰਕਾਰੀ ਸੇਵਾਵਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਤੱਕ ਆਸਾਨੀ ਨਾਲ ਪਹੁੰਚਾਇਆ ਜਾ ਸਕਿਆ ਹੈ | ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਅਤੇ ਗੰਭੀਰਤਾ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਲੋਕਾਂ ਦੀ ਸਰਕਾਰ ਵਜੋਂ ਦੇਖਿਆ ਜਾਂਦਾ ਹੈ ਅਤੇ ਉਮੀਦ ਹੈ ਕਿ ਸਰਕਾਰ ਲੋਕਾਂ ਦੀ ਸੇਵਾ ਕਰਨ ਵਾਲੇ ਇਨ੍ਹਾਂ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਜਲਦ ਅਤੇ ਸਕਾਰਾਤਮਕ ਹੱਲ ਕਰੇਗੀ |