ਫ਼ਰੀਦਕੋਟ, 4 ਜੂਨ (ਸਰਬਜੀਤ ਸਿੰਘ)-ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲਾਂ ਸਮੇਤ ਦੋ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਾਦਿਕ ਚੌਂਕ ਮੌਜੂਦ ਸਨ ਤਾਂ ਮੁਖ਼ਬਰ ਵਲੋਂ ਦਿੱਤੀ ਗਈ ਸੂਚਨਾ ਦੇ ਆਧਾਰ 'ਤੇ ਦਾਣਾ ਮੰਡੀ ਫ਼ਰੀਦਕੋਟ ਤੋਂ ਪ੍ਰਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਫ਼ਰੀਦਕੋਟ ਨੂੰ ਕਾਬੂ ਕਰ ਕੇ ਉਸ ਪਾਸੋਂ ਕਥਿਤ ਤੌਰ 'ਤੇ 1140 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਗਏ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਤੋਂ ਬਰਾਮਦ ਕੀਤੇ ਕੈਪਸੂਲਾਂ ਸੰਬੰਧੀ ਉਹ ਕੋਈ ਲਾਇਸੰਸ ਜਾਂ ਹੋਰ ਜ਼ਰੂਰੀ ਦਸਤਾਵੇਜ਼ ਨਾ ਦਿਖਾ ਸਕਿਆ ਜਿਸ 'ਤੇ ਉਸ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਮੈਜਿਸਟ੍ਰੇਟ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਅਰਾਈਆਂਵਾਲਾ ਤੋਂ ਹਰਚਰਨ ਸਿੰਘ ਉਰਫ਼ ਕੱਦਾ ਪੁੱਤਰ ਜਗਸੀਰ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਪਾਸੋਂ ਕਥਿਤ ਤੌਰ 'ਤੇ 20 ਪਾਬੰਦੀਸ਼ੁਦਾ ਨਸ਼ੇ ਦੀਆਂ ਚਿੱਟੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |