ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਸੇਵਾ ਕੇਂਦਰ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਕੀਤੀ ਗਈ ਹੜਤਾਲ ਦੇ ਤੀਜੇ ਦਿਨ ਵੀ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਰੋਸ ਧਰਨੇ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਪਹੁੰਚ ਕੇ ਯੂਨੀਅਨ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਬਾਰੇ ਪੰਜਾਬ ਸਰਕਾਰ ਨੂੰ ਜਾਣੂ ਕਰਵਾਇਆ ਜਾਵੇਗਾ | ਇਸ ਤਰ੍ਹਾਂ ਹੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਪੀ.ਏ. ਗੁਰਬਾਜ ਸਿੰਘ ਵੀ ਇੱਥੇ ਪਹੁੰਚੇ ਅਤੇ ਯੂਨੀਅਨ ਵਲੋਂ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਦੀਸ਼ ਸਿੰਘ, ਮੀਤ ਪ੍ਰਧਾਨ ਅਮਨਦੀਪ ਸਿੰਘ, ਵਿੱਤ ਸਕੱਤਰ ਨਵਜੋਤ ਕੌਰ, ਮੀਡੀਆ ਇੰਚਾਰਜ ਹਰਦੀਪ ਸਿੰਘ, ਅਮਰਜੀਤ ਕੌਰ, ਗੁਰਪ੍ਰੀਤ ਸਿੰਘ ਸਮੇਤ ਸਾਰੇ ਮੈਂਬਰਾਨ ਅਤੇ ਸੇਵਾ ਕੇਂਦਰ ਦੇ ਜ਼ਿਲ੍ਹਾ ਮੈਨੇਜਰ ਜਤਿੰਦਰ ਸਿੰਘ ਹਾਜ਼ਰ ਸਨ |