ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੀ ਵਰਕਿੰਗ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਮੁਲਾਜ਼ਮਾਂ ਤੇ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਉਪਰੰਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਕੱਤਰ ਅਮਰਜੀਤ ਪਾਲ ਸ਼ਰਮਾ ਤੇ ਪ੍ਰੈੱਸ ਸਕੱਤਰ ਵਿਜੈ ਕੁਮਾਰ ਸੋਈ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਤੇ ਪੈਨਸ਼ਨਰਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਸਬ ਕਮੇਟੀ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਹੈ | ਸਬ ਕਮੇਟੀ ਵਲੋਂ ਪੰਜਾਬ ਸਰਕਾਰ ਨੂੰ ਪੇਸ਼ ਕੀਤੀ ਗਈ ਸੀਲ ਬੰਦ ਰਿਪੋਰਟ ਝੂਠ ਦਾ ਪਲੰਦਾ ਹੈ, ਜਿਸ ਵਿਚ ਗ਼ਲਤ ਅੰਕੜੇ ਪੇਸ਼ ਕੀਤੇ ਗਏ ਹਨ ਅਤੇ ਮਾਣਯੋਗ ਸੁਪਰੀਮ ਕੋਰਟ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੇ ਸੰਘਰਸ਼ ਕਰਨ, ਜਥੇਬੰਦ ਹੋਣ ਦਾ ਹੱਕ ਖੋਹ ਰਹੀ ਹੈ, ਰੋਜ਼ਮਰ੍ਹਾ ਦੀ ਵਰਤੋਂ ਵਿਚ ਆਉਣ ਵਾਲੀਆਂ ਵਸਤਾਂ ਦੇ ਭਾਅ ਅਸਮਾਨੀ ਚੜ੍ਹ ਰਹੇ ਹਨ, ਪਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ | ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਚੋਣਾਂ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਕਰੇ, ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਜਰਨੈਲ ਸਿੰਘ, ਅਮਰਜੀਤ ਪਾਲ ਸ਼ਰਮਾ, ਸ਼ਿਵਦੀਪ ਸਿੰਘ ਬਰਾੜ, ਬੂਟਾ ਸਿੰਘ, ਬਲਜੀਤ ਸਿੰਘ ਬਰਾੜ, ਭਜਨ ਸਿੰਘ, ਵਿਜੈ ਕੁਮਾਰ ਸੋਈ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ |