ਫ਼ਰੀਦਕੋਟ, 10 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਰੈਸਟ ਹਾਊਸ ਤੋਂ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਜੁਬਲੀ ਚੌਂਕ ਫ਼ਰੀਦਕੋਟ ਵਿਖੇ ਮੌਜੂਦ ਸਨ ਤਾਂ ਮੁੂਖ਼ਬਰ ਵਲੋਂ ਸੂਚਨਾ ਦਿੱਤੀ ਗਈ ਕਿ ਰਾਜ ਸਿੰਘ ਉਰਫ਼ ਰਾਜੂ ਪੁੱਤਰ ਕਾਕਾ ਸਿੰਘ ਵਾਸੀ ਫ਼ਰੀਦਕੋਟ ਕਥਿਤ ਤੌਰ 'ਤੇ ਬਾਹਰ ਤੋਂ ਲਿਆ ਕੇ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਲਾਲ ਕੋਠੀ ਨਜ਼ਦੀਕ ਸ਼ੈੱਡ ਕੋਲ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਜਗ੍ਹਾ 'ਤੇ ਰੇਡ ਕੀਤੀ ਗਈ ਤਾਂ ਕਥਿਤ ਦੋਸ਼ੀ ਨੂੰ 17 ਬੋਤਲਾਂ ਅੰਗਰੇਜੀ ਵਿਸਕੀ ਦੀਆਂ ਬੋਤਲਾਂ ਸਮੇਤ ਗਿ੍ਫਤਾਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਬਰਾਮਦ ਸ਼ਰਾਬ ਸੰਬੰਧੀ ਕੋਈ ਪਰਮਿੱਟ ਜਾਂ ਹੋਰ ਲੋੜੀਂਦੇ ਦਸਤਾਵੇਜ ਨਾ ਦਿਖਾਏ ਜਾਣ 'ਤੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਤੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਧੀਰਜ ਕੁਮਾਰ ਵਾਸੀ ਫ਼ਰੀਦਕੋਟ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ | ਜਿਸ ਦੀ ਗਿ੍ਫਤਾਰੀ ਲਈ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |