12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਨਰੇਗਾ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ 17ਵੇਂ ਦਿਨ ’ਚ ਸ਼ਾਮਿਲ

ਅਜੀਤ ਡੈਸਕ 18-06-2026


ਕੋਟਕਪੂਰਾ, 17 ਜੂਨ (ਮੋਹਰ ਸਿੰਘ ਗਿੱਲ)-ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵੱਖ-ਵੱਖ ਦਫ਼ਤਰਾਂ ਵਿਚ ਪਿਛਲੇ ਲਗਪਗ 15 ਸਾਲਾਂ ਤੋਂ ਠੇਕੇ ਅਤੇ ਆਊਟ ਸੋਰਸ ਅਧੀਨ ਕੰਮ ਕਰਦੇ ਨਰੇਗਾ ਮੁਲਾਜ਼ਮ ਆਪਣੀਆਂ ਪਿਛਲੇ ਕਈ ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਜਾਰੀ ਕਰਵਾਉਣ ਲਈ ਅਤੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਪਿਛਲੇ 17 ਦਿਨਾਂ ਤੋਂ ਕਲਮ ਛੋੜ ਹੜਤਾਲ ‘ਤੇ ਚੱਲ ਰਹੇ ਹਨ। ਅੱਜ ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਦੇ ਸਾਹਮਣੇ ਧਰਨੇ ‘ਤੇ ਬੈਠੇ ਹੋਏ ਨਰੇਗਾ ਮੁਲਾਜ਼ਮਾਂ ਦੀ ਹੜਤਾਲ ਦੀ ਹਮਾਇਤ ਵਿਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਚੰਡੀਗੜ੍ਹ ਦੇ ਸੂਬਾਈ ਐਡੀਸ਼ਨਲ ਜਨਰਲ ਪ੍ਰੇਮ ਚਾਵਲਾ ਸ਼ਾਮਿਲ ਹੋਏ। ਉਨ੍ਹਾਂ ਆਪਣੇ ਸੰਬੋਧਨ ਵਿਚ ਪੰਜਾਬ ਸਰਕਾਰ ‘ਤੇ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਸੱਤ੍ਹਾ ਦੇ ਨਸ਼ੇ ਵਿਚ ਆ ਕੇ ਪੰਜਾਬ ਦੇ ਲੋਕਾਂ, ਨੌਜਵਾਨਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦਿਆਂ ਤੋਂ ਮੁਨਕਰ ਹੋ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਦੀ ਆਮਦ ਮੌਕੇ ਹੱਕ ਮੰਗਦੇ ਲੋਕਾਂ ਅਤੇ ਮੁਲਾਜ਼ਮਾਂ ਨੂੰ ਪੁਲਿਸ ਥਾਣਿਆਂ ਵਿਚ ਨਾਜਾਇਜ਼ ਹਿਰਾਸਤ ਵਿਚ ਲਿਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਨਰੇਗਾ ਮੁਲਾਜ਼ਮਾਂ ਦੀਆਂ ਰੁਕੀਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ ਅਤੇ ਇਨ੍ਹਾਂ ਮੁਲਾਜ਼ਮਾਂ ਨੂੰ ਤੁਰੰਤ ਪੂਰੀਆਂ ਤਨਖਾਹਾਂ ‘ਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ। ਇਸ ਮੌਕੇ ਨਰੇਗਾ ਮੁਲਾਜ਼ਮਾਂ ਦੇ ਆਗੂ ਹਪਿੰਦਰ ਸਿੰਘ, ਗਗਨਪ੍ਰੀਤ ਸਿੰਘ, ਸਰਬਜੀਤ ਸਿੰਘ ਸ਼ੇਰਪੁਰੀ, ਅਨੋਖ ਸਿੰਘ ਕੰਗ, ਲਵਦੀਪ ਸਿੰਘ, ਰੋਹਿਤ ਕੁਮਾਰ, ਵਰਿੰਦਰ ਕੁਮਾਰ, ਪ੍ਰੇਮ ਕੁਮਾਰ, ਲਖਵੀਰ ਸਿੰਘ, ਮੋਹਿਤ ਨਾਰੰਗ, ਵਿਸ਼ੇਸ਼ ਸ਼ਰਮਾ ਅਤੇ ਇਕਬਾਲ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਨਸ਼ਾ ਤਸਕਰਾਂ ਤੇ ਹੁੱਲੜਬਾਜ਼ਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ- ਚੌਕੀ ਇੰਚਾਰਜ ਅਗਲੀ ਖ਼ਬਰ ਕਿਸਾਨ ਯੂਨੀਅਨਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।