ਸ੍ਰੀ ਮੁਕਤਸਰ ਸਾਹਿਬ, 18 ਜੂਨ (ਹਰਮਹਿੰਦਰਪਾਲ)-ਥਾਣਾ ਬਰੀਵਾਲਾ ਨੇ ਚੋਰੀ ਦੇ 10 ਮੋਟਰਸਾਈਕਲਾਂ ਸਮੇਤ 4 ਦੋਸ਼ੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਦੋਸ਼ੀਆਂ ‘ਚ ਹਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਹਰੀਕੇ ਕਲਾਂ, ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਹਰੀਕੇ ਕਲਾਂ, ਗੁਰਪਿੰਦਰ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਹਰੀਕੇ ਕਲਾਂ, ਮਨਦੀਪ ਸਿੰਘ ਉਰਫ਼ ਹੈਰੀ ਪੁੱਤਰ ਦਰਸ਼ਨ ਸਿੰਘ ਵਾਸੀ ਹਰੀਕੇ ਕਲਾਂ ਸ਼ਾਮਿਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਮੀਤ ਸਿੰਘ ਢਿੱਲੋਂ ਐਸ.ਪੀ. (ਡੀ) ਨੇ ਦੱਸਿਆ ਕਿ ਬਚਨ ਸਿੰਘ ਡੀ.ਐਸ.ਪੀ. ਦੀ ਨਿਗਰਾਨੀ ਹੇਠ ਐਸ.ਆਈ. ਗੁਰਦੀਪ ਸਿੰਘ ਮੁੱਖ ਅਫਸਰ ਥਾਣਾ ਬਰੀਵਾਲਾ ਸਮੇਤ ਪੁਲਿਸ ਪਾਰਟੀ ਵਲੋਂ ਛਾਪੇਮਾਰੀ ਕਰਕੇ ਦੋਸ਼ੀਆਂ ਦੇ ਕਬਜ਼ੇ ਵਿਚੋਂ 2 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ। ਇਸ ਤੋਂ ਬਾਅਦ ਪੁੱਛਗਿੱਛ ਦੌਰਾਨ ਦੋਸ਼ੀਆਂ ਦੀ ਨਿਸ਼ਾਨਦੇਹੀ ‘ਤੇ 8 ਹੋਰ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ। ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਉਹ ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ ਦੇ ਪਿੰਡਾਂ ਅਤੇ ਕਸਬਿਆਂ ਤੋਂ ਮੋਟਰਸਾਈਕਲ ਚੋਰੀ ਕਰਕੇ ਇਕ ਥਾਂ ਇਕੱਠੇ ਕਰਦੇ ਸਨ ਅਤੇ ਬਾਅਦ ਵਿਚ ਉਨ੍ਹਾਂ ਨੂੰ ਵੇਚ ਦਿੰਦੇ ਸਨ। ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ।