12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਸਰਕਾਰੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਫ਼ਸਲ ਦੀ ਖ਼ਰੀਦ, ਅਦਾਇਗੀ ਅਤੇ ਮੰਡੀ ਵਿਚ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਿਲ ਕੀਤੀ।

ਅਜੀਤ ਡੈਸਕ 12-10-2026
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਸਰਕਾਰੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਫ਼ਸਲ ਦੀ ਖ਼ਰੀਦ, ਅਦਾਇਗੀ ਅਤੇ ਮੰਡੀ ਵਿਚ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦੇਣ ਲਈ ਵਚਨਬੱਧ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਪਿਛਲੇ 9 ਖ਼ਰੀਦ ਸੀਜ਼ਨਾਂ ਦੌਰਾਨ ਕਣਕ ਤੇ ਝੋਨੇ ਦੀ ਖ਼ਰੀਦ ਸੰਬੰਧੀ ਭਗਵੰਤ ਮਾਨ ਸਰਕਾਰ ਵਲੋਂ ਪ੍ਰਬੰਧ ਕੀਤੇ ਗਏ ਹਨ। ਕਿਸੇ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ। ਉਨ੍ਹਾਂ ਕਿਹਾ ਕਿ ਪਹਿਲਾਂ ਮੰਡੀਆਂ ਵਿਚ ਕਿਸਾਨਾਂ ਨੂੰ ਬਾਰਦਾਨੇ, ਖ਼ਰੀਦ ਅਤੇ ਫ਼ਸਲ ਦੀ ਅਦਾਇਗੀ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਮੌਜੂਦਾ ਸੀਜ਼ਨ ਦੌਰਾਨ ਸਰਕਾਰ ਵਲੋਂ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਇਸ ਸੀਜ਼ਨ ਦੌਰਾਨ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਦਿੱਤਾ ਗਿਆ ਹੈ। ਉਨ੍ਹਾਂ ਅਨੁਸਾਰ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿਚ ਲਗਪਗ 21 ਲੱਖ ਮੀਟ੍ਰਿਕ ਟਨ ਝੋਨਾ ਪਹੁੰਚ ਚੁੱਕਾ ਹੈ, ਜਿਸ ਵਿਚੋਂ 20 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਅਨੁਸਾਰ ਫ਼ਸਲ ਦੀ ਅਦਾਇਗੀ ਸੰਬੰਧੀ ਉਨ੍ਹਾਂ ਕਿਹਾ ਕਿ ਹੁਣ ਤੱਕ ਲਗਪਗ 3111 ਕਰੋੜ ਰੁਪਏ ਕਿਸਾਨਾਂ ਦੇ ਖ਼ਾਤਿਆਂ ਵਿਚ ਪਾਏ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਹੜੇ ਕਿਸਾਨਾਂ ਦੀ ਫ਼ਸਲ ਪਿਛਲੇ ਦਿਨੀਂ ਮੰਡੀ ਵਿਚ ਪਹੁੰਚੀ ਹੈ ਅਤੇ ਜਿਨ੍ਹਾਂ ਦੀ ਖ਼ਰੀਦ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ, ਉਨ੍ਹਾਂ ਨੂੰ ਨਿਯਮਾਂ ਅਨੁਸਾਰ ਅਗਲੇ 24 ਘੰਟਿਆਂ ਅੰਦਰ ਅਦਾਇਗੀ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲ ਹੈ ਕਿ ਕਿਸਾਨ ਆਪਣੀ ਫ਼ਸਲ ਮੰਡੀ ਵਿਚ ਲੈ ਕੇ ਆਵੇ, ਉਸ ਦੀ ਸਮੇਂ ਸਿਰ ਖ਼ਰੀਦ ਹੋਵੇ ਅਤੇ ਬਣਦੀ ਰਕਮ ਉਸ ਦੇ ਖਾਤੇ ਵਿਚ ਪਹੁੰਚੇ। ਬੀਤੀ ਰਾਤ ਹੋਈ ਬਾਰਿਸ਼ ਕਾਰਨ ਮੰਡੀ ਵਿਚ ਪਏ ਝੋਨੇ ਤੇ ਬਾਰਦਾਨੇ ਦੇ ਗਿੱਲੇ ਹੋਣ ਸੰਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਕੈਬਨਿਟ ਮੰਤਰੀ ਨੇ ਕਿਹਾ ਕਿ ਮੌਸਮ ’ਤੇ ਮਨੁੱਖ ਦਾ ਵੱਸ ਨਹੀਂ ਹੈ, ਪਰ ਮੀਂਹ ਕਾਰਨ ਕਿਸਾਨਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਨੂੰ ਧਿਆਨ ਵਿਚ ਰੱਖਦਿਆਂ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲ ਦੀ ਖ਼ਰੀਦ ਸੰਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ । ਇਸ ਮੌਕੇ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਗੁਰਕਿਰਨਦੀਪ ਸਿੰਘ ਸਿੱਧੂ ਐਸ.ਡੀ.ਐਮ., ਸੁਰਜੀਤ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ, ਬਲਕਾਰ ਸਿੰਘ ਸਕੱਤਰ ਮਾਰਕਿਟ ਕਮੇਟੀ, ਇਕਬਾਲ ਸਿੰਘ ਵੜਿੰਗ ਪ੍ਰਧਾਨ ਕੱਚਾ ਆੜ੍ਹਤੀਆ ਐਸੋਸੀਏਸ਼ਨ, ਸੁਖਜਿੰਦਰ ਸਿੰਘ ਬੱਬਲੂ ਬਰਾੜ ਕੌਂਸਲਰ, ਵਿੱਕੀ ਕੁਮਾਰ ਕੌਂਸਲਰ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ, ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ, ਮਾਰਕਿਟ ਕਮੇਟੀ ਦੇ ਸਟਾਫ਼ ਮੈਂਬਰ ਅਤੇ ਕਿਸਾਨ, ਆੜ੍ਹਤੀਏ ਤੇ ਮਜ਼ਦੂਰ ਹਾਜ਼ਰ ਸਨ।
ਪਿਛਲੀ ਖ਼ਬਰ ਵਕੀਲ ਕਰਨਜੀਤ ਸਿੰਘ ਨੂੰ ਬਾਰ ਕੌਂਸਲ ਆਫ਼ ਇੰਡੀਆ ਦਾ ਮੈਂਬਰ ਬਣਾਉਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਕੋਟਕਪੂਰਾ ਰੋਡ ਤੋਂ ਜਲਾਲਾਬਾਦ ਤੇ ਗੁਰੂਹਰਸਹਾਏ ਨੂੰ ਜੋੜਨ ਵਾਲੇ ਬਾਈਪਾਸ ਦੀ ਹਾਲਤ ਖ਼ਸਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।