ਕਾਂਗਰਸ ਖ਼ਿਲਾਫ਼ 'ਆਪ' ਨੇ ਪੰਜਾਬ ਭਰ 'ਚ ਕੀਤੇ ਰੋਸ ਪ੍ਰਦਰਸ਼ਨ <br/>
ਅਜੀਤ ਡੈਸਕ
14-02-2026
ਚੰਡੀਗੜ੍ਹ, 13 ਫਰਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਟਿੱਪਣੀ ਖ਼ਿਲਾਫ਼ ਸੂਬੇ ਭਰ ਵਿਚ ਜ਼ੋਰਦਾਰ ਪ੍ਰਦਰਸ਼ਨ ਕੀਤੇ | ਇਨ੍ਹਾਂ ਮੁਜ਼ਾਹਰਿਆਂ ਵਿਚ 'ਆਪ' ਆਗੂਆਂ, ਮੰਤਰੀਆਂ, ਵਿਧਾਇਕਾਂ, ਪਾਰਟੀ ਵਰਕਰਾਂ ਅਤੇ ਸਥਾਨਕ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਬਾਜਵਾ ਅਤੇ ਕਾਂਗਰਸ ਲੀਡਰਸ਼ਿਪ ਦਲਿਤ ਭਾਈਚਾਰੇ ਅਤੇ ਸਾਰੇ ਮਿਹਨਤਕਸ਼ ਲੋਕਾਂ ਤੋਂ ਜਨਤਕ ਤੌਰ 'ਤੇ ਮੁਆਫ਼ੀ ਮੰਗਣ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇੱਕ ਵਾਰ ਫਿਰ ਪੰਜਾਬ ਦੇ ਲੋਕਾਂ ਸਾਹਮਣੇ ਨੰਗੀ ਹੋ ਗਈ ਹੈ | ਪੰਨੂ ਨੇ ਚਿਤਾਵਨੀ ਦਿੱਤੀ ਕਿ ਉਹ ਸੂਬੇ ਵਿਚ ਕਿਸੇ ਨੂੰ ਵੀ ਦਲਿਤਾਂ ਨੂੰ ਨੀਵਾਂ ਦਿਖਾਉਣ ਜਾਂ ਕਾਮਾ ਸ਼੍ਰੇਣੀ ਦੇ ਲੋਕਾਂ ਦੀ ਇੱਜ਼ਤ ਨੂੰ ਠੇਸ ਪਹੁੰਚਾਉਣ ਦੀ ਇਜਾਜ਼ਤ ਨਹੀਂ ਦੇਵੇਗੀ | ਇਸ ਮੌਕੇ 'ਆਪ' ਵਲੋਂ ਹੁਸ਼ਿਆਰਪੁਰ, ਕਪੂਰਥਲਾ, ਐਸ.ਬੀ.ਐਸ. ਨਗਰ, ਅੰਮਿ੍ਤਸਰ, ਪਠਾਨਕੋਟ, ਤਰਨਤਾਰਨ, ਫਰੀਦਕੋਟ, ਫਤਹਿਗੜ੍ਹ ਸਾਹਿਬ, ਲੁਧਿਆਣਾ, ਮੋਗਾ, ਮਲੇਰਕੋਟਲਾ, ਪਟਿਆਲਾ, ਰੂਪਨਗਰ, ਸੰਗਰੂਰ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਐਸ.ਏ.ਐਸ. ਨਗਰ ਸਮੇਤ ਪੂਰੇ ਪੰਜਾਬ 'ਚ ਰੋਸ ਪ੍ਰਦਰਸ਼ਨ ਕੀਤੇ ਗਏ, ਜਿਸ ਦੌਰਾਨ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਵਰਕਰਾਂ ਨੇ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਆਵਾਜ਼ ਬੁਲੰਦ ਕੀਤੀ | ਬਲਤੇਜ ਪੰਨੂ ਨੇ ਸਪੱਸ਼ਟ ਕੀਤਾ ਕਿ ਪੰਜਾਬ ਬਰਾਬਰੀ ਦੀ ਧਰਤੀ ਹੈ, ਜੋ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ 'ਤੇ ਚੱਲਦਾ ਹੈ | ਪੰਜਾਬ ਦੇ ਲੋਕ ਦਲਿਤਾਂ ਅਤੇ ਮਿਹਨਤਕਸ਼ ਭਾਈਚਾਰਿਆਂ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ | ਪੰਨੂ ਨੇ ਕਿਹਾ ਕਿ ਜਦੋਂ ਤੱਕ ਬਾਜਵਾ ਅਤੇ ਕਾਂਗਰਸ ਲੀਡਰਸ਼ਿਪ ਬਿਨਾਂ ਸ਼ਰਤ ਮੁਆਫੀ ਨਹੀਂ ਮੰਗਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ |