ਚੰਡੀਗੜ੍ਹ, 13 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਥੇ ਵਿੱਤ ਅਤੇ ਸਿੱਖਿਆ ਵਿਭਾਗਾਂ ਨੂੰ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਲਈ ਇੱਕ ਹੰਗਾਮੀ ਸਾਂਝੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ ਹੈ | ਇਹ ਨਿਰਦੇਸ਼ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਇੱਕ ਵਿਸਥਾਰਿਤ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਗਏ, ਜਿਥੇ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਪੱਖ ਪੂਰੇ ਵੇਰਵੇ ਸਹਿਤ ਪੇਸ਼ ਕੀਤਾ | ਮੀਟਿੰਗ ਵਿਚ ਵਿੱਤ ਵਿਭਾਗ ਦੇ ਵਿਸ਼ੇਸ਼ ਸਕੱਤਰ ਸ਼ੌਕਤ ਅਹਿਮਦ ਪਰੈ, ਐਡੀਸ਼ਨਲ ਐਡਵੋਕੇਟ ਜਨਰਲ ਰਮਨਦੀਪ ਸਿੰਘ ਪੰਧੇਰ, ਵਿਸ਼ੇਸ਼ ਸਕੱਤਰ (ਪਰਸੋਨਲ) ਉਪਕਾਰ ਸਿੰਘ ਅਤੇ ਸਿੱਖਿਆ ਵਿਭਾਗ ਦੇ ਸੰਯੁਕਤ ਸਕੱਤਰ ਹਰਪ੍ਰੀਤ ਸਿੰਘ ਸਮੇਤ ਪ੍ਰਮੁੱਖ ਸਰਕਾਰੀ ਅਧਿਕਾਰੀਆਂ ਨੇ ਵਿਸਥਾਰ ਵਿਚ ਚਰਚਾ ਕੀਤੀ | ਮੀਟਿੰਗ ਦੌਰਾਨ 180 ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਨੁਮਾਇੰਦਗੀ ਐਸੋਸੀਏਸ਼ਨ ਦੇ ਪ੍ਰਧਾਨ ਕਮਲ ਠਾਕੁਰ ਦੇ ਨਾਲ ਸੋਹਣ ਸਿੰਘ, ਗੁਰਮੁਖ ਸਿੰਘ ਤੇ ਗੌਰਵ ਕਾਂਤ ਨੇ ਕੀਤੀ |