19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਵਡਾਲਾ ਵਲੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ 'ਚ ਦੇਰੀ ਖ਼ਿਲਾਫ਼ ਮੋਰਚਾ ਲਾਉਣ ਦੀ ਚਿਤਾਵਨੀ <br/>

ਅਜੀਤ ਡੈਸਕ 14-02-2026
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਜਲੰਧਰ 'ਚ ਕਾਨਫ਼ਰੰਸ 19 ਨੂੰ
ਜਲੰਧਰ, 13 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਕੱਤਰ ਜਨਰਲ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਲਗਾਤਾਰ ਹੋ ਰਹੀ ਦੇਰੀ ਖ਼ਿਲਾਫ਼ ਮੋਰਚਾ ਲਗਾਉਣ ਦੀ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਨਾ ਕਰਵਾਈਆਂ ਗਈਆਂ ਤਾਂ ਪਾਰਟੀ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ | ਉਨ੍ਹਾਂ ਇਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਾ ਹੋਣ ਕਾਰਨ ਸਿੱਖ ਜਗਤ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ 328 ਸਰੂਪਾਂ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੁਲਿਸ ਮੁਖੀ ਨਾਲ ਕੀਤੀ ਗਈ ਮੁਲਾਕਾਤ ਨੂੰ ਸਿਆਸੀ ਸਟੰਟ ਕਰਾਰ ਦਿੰਦੇ ਹੋਏ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਮਸਲੇ 'ਤੇ ਕਿਸੇ ਨੂੰ ਵੀ ਸਿਆਸਤ ਨਹੀਂ ਕਰਨੀ ਚਾਹੀਦੀ | ਇਸ ਮੌਕੇ ਜਥੇਦਾਰ ਵਡਾਲਾ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ 'ਚ ਵੀ ਕੇਂਦਰ ਦੀ ਭਾਜਪਾ ਸਰਕਾਰ ਦੇ ਨਾਂਹ ਪੱਖੀ ਵਤੀਰੇ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਇਕ ਪਾਸੇ ਡੇਰਾ ਸਿਰਸਾ ਮੁਖੀ ਨੂੰ ਸਾਲ 'ਚ ਅਨੇਕਾਂ ਵਾਰ ਪੈਰੋਲ ਮਿਲ ਰਹੀ ਹੈ, ਜਦਕਿ ਸਿੱਖ ਬੰਦੀਆਂ ਦੇ ਮਾਮਲੇ 'ਚ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ | ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਤੇ ਖਾਸ ਕਰਕੇ ਸਿੱਖ ਕੌਮ ਦੇ ਮਸਲਿਆਂ ਸੰਬੰਧੀ ਪਾਰਟੀ ਵਲੋਂ ਇਕ ਵਿਸ਼ਾਲ ਕਾਨਫਰੰਸ 19 ਫਰਵਰੀ ਦਿਨ ਵੀਰਵਾਰ ਨੂੰ ਪ੍ਰਤਾਪਪੁਰਾ ਦਾਣਾ ਮੰਡੀ ਨੇੜੇ ਲਾਂਬੜਾ ਵਿਖੇ ਕਰਵਾਈ ਜਾ ਰਹੀ ਹੈ, ਜਿਸ ਵਿਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਹੋਰ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਵੇਗੀ | ਇਸ ਮੌਕੇ ਅਵਤਾਰ ਸਿੰਘ ਕਲੇਰ, ਬੀਬੀ ਹਰਜੀਤ ਕੌਰ ਤਲਵੰਡੀ, ਜਰਨੈਲ ਸਿੰਘ ਗੜ੍ਹਦੀਵਾਲਾ, ਜਲੰਧਰ ਸ਼ਹਿਰੀ ਦੇ ਪ੍ਰਧਾਨ ਅਮਰਜੀਤ ਸਿੰਘ ਕਿਸ਼ਨਪੁਰਾ, ਦਿਹਾਤੀ ਪ੍ਰਧਾਨ ਸੁਖਵੰਤ ਸਿੰਘ ਰੌਲੀ, ਮਹਿੰਦਰਪਾਲ ਸਿੰਘ ਬਿਨਾਕਾ, ਜਸਵਿੰਦਰ ਸਿੰਘ ਡੌਲਫਿਨ, ਜਸਵਿੰਦਰ ਸਿੰਘ ਜੱਸਾ, ਸਤਨਾਮ ਸਿੰਘ ਤੇ ਕੇਵਲ ਸਿੰਘ ਚੰਦੀ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਸਰਬਜੀਤ ਕੌਰ ਨੇ ਨਾਸਿਰ ਹੁਸੈਨ ਦੇ ਘਰ ਪਹੁੰਚਦਿਆਂ ਹੀ ਭਾਰਤ 'ਤੇ ਲਗਾਏ ਵੱਡੇ ਦੋਸ਼ <br/> ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ-ਚੀਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।