ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਨੂੰ ਲੈ ਕੇ ਜੁਡੀਸ਼ੀਅਲ ਕਮਿਸ਼ਨ ਸਾਹਮਣੇ ਹੋਈ ਸੁਣਵਾਈ <br/>
ਅਜੀਤ ਡੈਸਕ
14-02-2026
ਪੰਚਕੂਲਾ, 13 ਫਰਵਰੀ (ਕਪਿਲ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 104 ਕਰੋੜ ਰੁਪਏ ਦੇ ਬਜਟ ਦੇ ਮਾਮਲੇ ਨੂੰ ਲੈ ਕੇ ਪੰਚਕੂਲਾ ਵਿਖੇ ਜੁਡੀਸ਼ੀਅਲ ਕਮਿਸ਼ਨ ਦੇ ਸਾਹਮਣੇ ਸੁਣਵਾਈ ਹੋਈ | ਸੁਣਵਾਈ ਦੌਰਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਲਜੀਤ ਸਿੰਘ ਦਾਦੂਵਾਲ ਹਾਜ਼ਰ ਹੋਏ | ਇਸ ਮੌਕੇ ਦਾਦੂਵਾਲ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ 'ਤੇ ਕਈ ਗੰਭੀਰ ਦੋਸ਼ ਲਗਾਏ ਗਏ | ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਜਗਦੀਸ਼ ਸਿੰਘ ਝੀਂਡਾ ਵਲੋਂ ਸਾਲ 2026 ਲਈ ਪੇਸ਼ ਕੀਤਾ ਗਿਆ 104 ਕਰੋੜ ਰੁਪਏ ਦਾ ਬਜਟ ਕਾਨੂੰਨੀ ਪ੍ਰਕਿਰਿਆ ਅਨੁਸਾਰ ਜਾਰੀ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕੁਝ ਮੈਂਬਰਾਂ ਦੀ ਗ਼ੈਰ-ਹਾਜ਼ਰੀ ਦੇ ਬਾਵਜੂਦ ਵੀ ਬਜਟ ਪੇਸ਼ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਜਲਦ ਹੀ ਉਹ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਜਾਣਗੇ | ਦਾਦੂਵਾਲ ਨੇ ਅੱਗੇ ਕਿਹਾ ਕਿ 7 ਜਨਵਰੀ ਨੂੰ ਪੇਸ਼ ਕੀਤੇ ਗਏ ਬਜਟ ਦੌਰਾਨ ਕੋਰਮ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਹ ਉਹੀ ਬਜਟ ਹੈ, ਜਿਸ ਨੂੰ ਖ਼ੁਦ ਝੀਂਡਾ ਨੇ 25 ਜੂਨ, 2025 ਨੂੰ ਰੱਦ ਕਰ ਦਿੱਤਾ ਸੀ ਅਤੇ ਇਸ ਕਈ ਖਾਮੀਆਂ ਦਰਸਾਈਆਂ ਸਨ | ਇਸੇ ਦੌਰਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਕੀਲ ਗਗਨਦੀਪ ਸਿੰਘ ਨੇ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ 20 ਫਰਵਰੀ ਨੂੰ ਹੋਵੇਗੀ ਅਤੇ ਉਸ ਦਿਨ ਜਵਾਬ ਦਾਖ਼ਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਬੂਤਾਂ ਦੇ ਆਧਾਰ 'ਤੇ ਜਵਾਬ ਦਿੱਤਾ ਜਾਵੇਗਾ ਅਤੇ ਰਿਪੋਰਟ 'ਤੇ ਬਹਿਸ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਅਸੀਂ ਅਗਲੀ ਸੁਣਵਾਈ ਦੌਰਾਨ ਇਸ ਮਾਮਲੇ ਨੂੰ ਫਾਈਨਲ ਬਹਿਸ ਲਈ ਲੈ ਕੇ ਜਾਵਾਂਗੇ |