ਐੱਸ. ਏ. ਐੱਸ. ਨਗਰ, 14 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਮੁਹਾਲੀ ਤੋਂ ਛੁੱਟੀ ਦੇ ਦਿੱਤੀ ਗਈ | ਉਨ੍ਹਾਂ ਨੂੰ ਗੋਡੇ ਬਦਲਣ ਦੀ ਸਰਜਰੀ ਲਈ ਫੋਰਟਿਸ ਹਸਪਤਾਲ ਮੁਹਾਲੀ ਵਿਚ ਬੀਤੀ 9 ਫਰਵਰੀ ਨੂੰ ਦਾਖ਼ਲ ਕਰਵਾਇਆ ਗਿਆ ਸੀ | ਜਾਣਕਾਰੀ ਦਿੰਦਿਆਂ ਹਸਪਤਾਲ ਦੇ ਡਾ. ਹਰਸਿਮਰਨ ਸਿੰਘ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੋਡੇ ਬਦਲਣ ਦੀ ਸਰਜਰੀ 10 ਫਰਵਰੀ ਨੂੰ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਸੀ | ਇਹ ਸਰਜਰੀ ਹਸਪਤਾਲ ਦੇ ਆਰਥੋਪੀਡਿਕਸ ਡਾਇਰੈਕਟਰ ਡਾ. ਹਰਸਿਮਰਨ ਸਿੰਘ ਦੀ ਅਗਵਾਈ ਹੇਠ ਡਾਕਟਰਾਂ ਦੀ ਟੀਮ ਵਲੋਂ ਕੀਤੀ ਗਈ ਸੀ | ਉਨ੍ਹਾਂ ਦੱਸਿਆ ਕਿ ਸਰਜਰੀ ਤੋਂ ਬਾਅਦ ਉਨ੍ਹਾਂ ਦੀ ਸਫ਼ਲ ਰਿਕਵਰੀ ਹੋਈ ਅਤੇ ਸਰਜਰੀ ਪ੍ਰਕਿਰਿਆ ਤੋਂ ਬਾਅਦ ਉਨ੍ਹਾਂ ਨੂੰ ਤੁਰਨ-ਫਿਰਨ ਵਿਚ ਕੋਈ ਸਮੱਸਿਆ ਪੇਸ਼ ਨਹੀਂ ਆਈ, ਜਿਸ ਦੇ ਚਲਦਿਆਂ ਅੱਜ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ | ਜ਼ਿਕਰਯੋਗ ਹੈ ਕਿ ਭਾਜਪਾ ਦੇ ਪੰਜਾਬ ਤੇ ਹਰਿਆਣਾ ਨਾਲ ਸੰਬੰਧਿਤ ਕਈ ਸੀਨੀਅਰ ਆਗੂ, ਪਰਿਵਾਰਕ ਮੈਂਬਰ ਤੇ ਦੋਸਤ-ਮਿੱਤਰ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਪਹੁੰਚੇ ਹੋਏ ਸਨ |
ਕੈਪਟਨ ਅਮਰਿੰਦਰ ਸਿੰਘ ਨੂੰ ਹਸਪਤਾਲ ਤੋਂ ਮਿਲੀ ਛੁੱਟੀ <br/>
ਅਜੀਤ ਡੈਸਕ
15-02-2026