ਮੋਗਾ, 15 ਫਰਵਰੀ (ਗੁਰਤੇਜ ਸਿੰਘ ਬੱਬੀ)-ਬੀਤੇ ਦਿਨੀਂ ਮੋਗਾ ਦੇ ਜ਼ੀਰਾ ਰੋਡ ਸਥਿਤ ਇਕ ਸ਼ੈਲਰ 'ਤੇ ਪ੍ਰਵਾਸੀ ਮਜ਼ਦੂਰਾਂ 'ਤੇ ਗੋਲੀਆਂ ਚਲਾਉਣ ਵਾਲੇ ਦੋ ਨੌਜਵਾਨਾਂ ਦੇ ਪੁਲਿਸ ਮੁਕਾਬਲੇ 'ਚ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਐਸ.ਐਸ.ਪੀ. ਮੋਗਾ ਅਜੇ ਗਾਂਧੀ ਨੇ ਦੱਸਿਆ ਕਿ ਅੱਜ ਦੀ ਕਾਰਵਾਈ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵਲੋਂ ਚਲਾਈ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਕੀਤੀ ਗਈ ਹੈ | ਉਨ੍ਹਾਂ ਦਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਲਈ ਐਸ.ਪੀ. (ਜਾਂਚ) ਬਾਲ ਕਿ੍ਸ਼ਨ ਸਿੰਗਲਾ, ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਦੀ ਅਗਵਾਈ ਵਿਚ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਸਨ ਅਤੇ ਜਦੋਂ ਸਬ ਇੰਸਪੈਕਟਰ ਸਮਰਾਜ ਸਿੰਘ ਥਾਣਾ ਸਦਰ ਪੁਲਿਸ ਪਾਰਟੀ ਨਾਲ ਪਿੰਡ ਘੱਲ ਕਲਾਂ ਕੋਲ ਗਸ਼ਤ ਕਰ ਰਹੇ ਸਨ ਤਾਂ ਮੁਖ਼ਬਰ ਵਲੋਂ ਮਿਲੀ ਸੂਚਨਾ ਦੇ ਆਧਾਰ 'ਤੇ ਕਾਰਵਾਈ ਕੀਤੀ ਤਾਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਆਪਣੇ ਹੱਥਾਂ ਵਿਚ ਫੜੇ ਹਥਿਆਰਾਂ ਨਾਲ ਪੁਲਿਸ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ, ਜਿਸ ਦੌਰਾਨ ਸਬ ਇੰਸਪੈਕਟਰ ਸਮਰਾਜ ਸਿੰਘ ਵਲੋਂ ਕੀਤੀ ਜਵਾਬੀ ਕਾਰਵਾਈ ਦੌਰਾਨ ਜੋਬਨਪ੍ਰੀਤ ਸਿੰਘ ਦੀ ਖੱਬੀ ਲੱਤ 'ਤੇ ਗੋਲੀ ਲੱਗੀ, ਜਦਕਿ ਆਕਾਸ਼ਦੀਪ ਸਿੰਘ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਉਹ ਸੂਏ ਦੀ ਪਟੜੀ ਤੋਂ ਛਾਲ ਦੌਰਾਨ ਜ਼ਖ਼ਮੀ ਹੋ ਗਿਆ | ਉਨ੍ਹਾਂ ਦੱਸਿਆ ਕਿ ਉਕਤ ਦੋਵਾਂ ਨੌਵਜਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਦੋ ਪਿਸਤੌਲ ਦੇਸੀ .30 ਬੋਰ ਸਮੇਤ ਚਾਰ ਖੋਲ੍ਹ ਤੇ ਇੱਕ ਜਿੰਦਾ ਕਾਰਤੂਸ ਬਰਾਮਦ ਕੀਤੇ | ਐਸ.ਐਸ.ਪੀ. ਨੇ ਦੱਸਿਆ ਕਿ ਜੋਬਨਪ੍ਰੀਤ ਸਿੰਘ ਪਿੰਡ ਭੰਗਾਲੀ ਨਰਾਇਣ ਖ਼ੁਰਦ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਆਕਾਸ਼ਦੀਪ ਸਿੰਘ ਮੋਗਾ ਜ਼ਿਲੇ੍ਹ ਦੇ ਪਿੰਡ ਥੱਮਣ ਵਾਲਾ ਦਾ ਰਹਿਣ ਵਾਲਾ ਹੈ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਗਿ੍ਫ਼ਤਾਰ ਨੌਜਵਾਨਾਂ ਤੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਅਤੇ ਇਹ ਪਤਾ ਵੀ ਲਗਾਇਆ ਜਾਵੇਗਾ ਕਿ ਉਹ ਕਿਸ ਗੈਂਗਸਟਰ ਲਈ ਕੰਮ ਕਰ ਰਹੇ ਹਨ | ਇਸ ਮੌਕੇ ਐਸ.ਪੀ. ਬੀ.ਕੇ. ਸਿੰਗਲਾ, ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ |
ਪ੍ਰਵਾਸੀ ਮਜ਼ਦੂਰਾਂ ਨੂੰ ਗੋਲੀਆਂ ਮਾਰਨ ਵਾਲੇ ਦੋ ਨੌਜਵਾਨ ਪੁਲਿਸ ਮੁਕਾਬਲੇ 'ਚ ਜ਼ਖ਼ਮੀ <br/>
ਅਜੀਤ ਡੈਸਕ
16-02-2026