ਜਲੰਧਰ, 18 ਫਰਵਰੀ (ਜਸਪਾਲ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਇਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ 'ਚ ਵੱਡੀ ਪੱਧਰ 'ਤੇ ਭਿ੍ਸ਼ਟਾਚਾਰ ਹੋਣ ਦੇ ਦੋਸ਼ ਲਗਾਏ ਹਨ, ਉਥੇ ਇਸ ਮਾਮਲੇ 'ਚ ਬਾਦਲ ਪਰਿਵਾਰ 'ਤੇ ਵੀ ਤਿੱਖੇ ਹਮਲੇ ਕੀਤੇ ਹਨ | ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਕਮੇਟੀ ਅੰਦਰ ਜੋ ਵੀ ਅਨੈਤਿਕ ਤੇ ਗੈਰ-ਸਿਧਾਂਤਕ ਕੰਮ ਹੋ ਰਹੇ ਹਨ, ਉਨ੍ਹਾਂ ਪਿੱਛੇ ਬਾਦਲ ਪਰਿਵਾਰ ਦਾ ਹੱਥ ਹੈ | ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਲਈ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਟਕਸਾਲਾਂ, ਸਿੱਖ ਸੰਪਰਦਾਵਾਂ, ਸਿੰਘ ਸਭਾਵਾ ਤੇ ਸੁਸਾਇਟੀਆਂ ਸਮੇਤ ਸਮੁੱਚੀਆਂ ਸਿੱਖ ਜਥੇਬੰਦੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦੇ ਹੋਏ ਸਰਬੱਤ ਖ਼ਾਲਸਾ ਬੁਲਾਏ ਜਾਣ ਦੀ ਮੰਗ ਕੀਤੀ ਹੈ | ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਬਹੁਤ ਹੀ ਦੁਖੀ ਅਤੇ ਭਰੇ ਮਨ ਨਾਲ ਇਹ ਪੱਤਰਕਾਰ ਸੰਮੇਲਨ ਕਰਨਾ ਪੈ ਰਿਹਾ ਹੈ, ਕਿਉਂਕਿ ਅੱਜ ਜੋ ਪੰਥ 'ਚ ਵਾਪਰ ਰਿਹਾ ਹੈ, ਉਹ ਬਹੁਤ ਹੀ ਦੁਖਦਾਈ ਤੇ ਨਾ ਬਰਦਾਸ਼ਤ ਕਰਨ ਯੋਗ ਹੈ | ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ 'ਚ ਹੋ ਰਹੀਆਂ ਧਾਂਦਲੀਆਂ ਦਾ ਖ਼ੁਲਾਸਾ ਕਰਦੇ ਹੋਏ ਕਿਹਾ ਕਿ ਅੱਜ ਗੁਰੂ ਦੀ ਗੋਲਕ 'ਤੇ ਡਾਕਾ ਪੈ ਰਿਹਾ ਹੈ, ਪ੍ਰਬੰਧਾਂ 'ਚ ਅਨੇਕਾਂ ਤਰ੍ਹਾਂ ਦੀਆਂ ਬੇਨਿਯਮੀਆਂ ਹੋ ਰਹੀਆਂ ਹਨ, ਅਣਅਧਿਕਾਰਤ ਤੌਰ 'ਤੇ ਜ਼ਮੀਨਾਂ ਵੇਚੀਆਂ ਜਾ ਰਹੀਆਂ ਹਨ ਤੇ ਜ਼ਮੀਨਾਂ ਦੇ ਠੇਕਿਆਂ ਅਤੇ ਦੁਕਾਨਾਂ ਦੇ ਕਿਰਾਇਆਂ ਆਦਿ 'ਚ ਹੇਰਾ ਫੇਰੀਆਂ ਕੀਤੀਆਂ ਜਾ ਰਹੀਆਂ ਹਨ | ਇਥੇ ਹੀ ਬੱਸ ਨਹੀਂ ਅਖੰਡ ਪਾਠ ਦੀ ਭੇਟਾ ਸੰਬੰਧੀ ਲੱਖਾਂ ਰੁਪਏ ਦਾ ਘਪਲਾ ਕਰਨ ਵਾਲੇ ਮੁਲਾਜ਼ਮਾਂ ਨੂੰ ਮੁੜ ਉੱਚੀਆਂ ਪਦਵੀਆਂ 'ਤੇ ਬਿਠਾਇਆ ਗਿਆ | ਗੁਰੂ ਘਰ ਨੂੰ ਭੇਟ ਕੀਤੇ ਗਏ ਸੋਨੇ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਕਿਰਪਾਨ ਸਾਹਿਬ ਦੇ ਮੁੱਠੇ ਸਮੇਤ ਕਈ ਹੋਰ ਵਸਤਾਂ ਖ਼ੁਰਦ-ਬੁਰਦ ਕੀਤੀਆਂ ਗਈਆਂ | ਇਸ ਮੌਕੇ ਉਨ੍ਹਾਂ ਬਾਦਲ ਪਰਿਵਾਰ 'ਤੇ ਪੰਥ ਨਾਲ ਧੋਖਾ ਕਰਨ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਭ ਤੋਂ ਮੰਦਭਾਗੀ ਗੱਲ ਅਕਾਲੀ ਦਲ ਦੀ ਸਰਕਾਰ ਵੇਲੇ ਸਿੱਖ ਨੌਜਵਾਨਾਂ ਦੇ ਕਤਲਾਂ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀ ਸੁਮੇਧ ਸੈਣੀ ਨੂੰ ਜਿਥੇ ਪੁਲਿਸ ਮੁਖੀ ਬਣਾਇਆ ਗਿਆ, ਉਥੇ ਇਜ਼ਹਾਰ ਆਲਮ ਵਰਗੇ ਅਧਿਕਾਰੀਆਂ ਨੂੰ ਪਾਰਟੀ 'ਚ ਸ਼ਾਮਿਲ ਕੀਤਾ ਗਿਆ | ਉਨ੍ਹਾਂ ਬਾਦਲ ਪਰਿਵਾਰ 'ਤੇ ਪੰਥ ਤੇ ਪੰਥਕ ਸੰਸਥਾਵਾਂ ਨੂੰ ਆਪਣੇ ਹਿੱਤਾਂ ਲਈ ਵਰਤਣ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਨਾ ਕੇਵਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲੋਂ ਡੇਰਾ ਸਿਰਸਾ ਮੁਖੀ ਨੂੰ ਬਿਨਾਂ ਮੰਗੇ ਮੁਆਫ਼ੀ ਦੁਆਈ ਗਈ, ਬਲਕਿ ਇਸ ਸੰਬੰਧੀ ਲੱਖਾਂ ਰੁਪਏ ਇਸ਼ਤਿਹਾਰਾਂ 'ਤੇ ਵੀ ਖਰਚੇ ਗਏ, ਇਥੋਂ ਤੱਕ ਕਿ ਉਸ ਦੀ ਫਿਲਮ ਚਲਾਉਣ ਲਈ ਪੁਲਿਸ ਸੁਰੱਖਿਆ ਵੀ ਪ੍ਰਦਾਨ ਕੀਤੀ ਗਈ, ਜਦਕਿ ਦੂਸਰੇ ਪਾਸੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਸ਼ਾਂਤਮਈ ਧਰਨਾ ਦੇ ਰਹੇ ਸਿੱਖ ਨੌਜਵਾਨਾਂ ਨੂੰ ਸ਼ਹੀਦ ਕੀਤਾ ਗਿਆ | ਇਸ ਮੌਕੇ ਉਨ੍ਹਾਂ ਬਾਦਲ ਪਰਿਵਾਰ 'ਤੇ ਇਕ ਹੋਰ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਤਰਨ ਤਾਰਨ ਦੀ ਜ਼ਿਮਨੀ ਚੋਣ 'ਚ ਉਨ੍ਹਾਂ ਉੱਪਰ ਸਾਲ 2024 'ਚ 2 ਦਸੰਬਰ ਨੂੰ ਜਾਰੀ ਹੁਕਮਨਾਮੇ ਤੋਂ ਮੁਕਰਨ ਲਈ ਜਿਥੇ ਭਾਰੀ ਦਬਾਅ ਪਾਇਆ ਗਿਆ, ਉਥੇ ਇਥੋਂ ਤੱਕ ਕਿਹਾ ਗਿਆ ਕਿ ਉਹ ਕਹਿਣ ਕੇ ਇਹ ਹੁਕਮਨਾਮਾ ਭਾਜਪਾ ਅਤੇ ਆਰ. ਐਸ. ਐਸ. ਦੇ ਕਹਿਣ 'ਤੇ ਜਾਰੀ ਕੀਤਾ ਗਿਆ ਸੀ ਪਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਅਜਿਹਾ ਕਰਨ ਤੋਂ ਸਾਫ ਤੌਰ 'ਤੇ ਇਨਕਾਰ ਕਰ ਦਿੱਤਾ ਸੀ ਅਤੇ ਅੱਜ ਵੀ ਕੀਤੇ ਗਏ ਇਨ੍ਹਾਂ ਖ਼ੁਲਾਸਿਆਂ ਤੋਂ ਬਾਅਦ ਉਨ੍ਹਾਂ ਨੂੰ ਮੁੱਖ ਗ੍ਰੰਥੀ ਦੇ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ ਅਤੇ ਕੁਝ ਵੀ ਹੋਰ ਕੀਤਾ ਜਾ ਸਕਦਾ ਪਰ ਉਨ੍ਹਾਂ ਆਪਣਾ ਫਰਜ਼ ਸਮਝਦੇ ਹੋਏ ਸਮੂਹ ਸੰਗਤ ਨੂੰ ਸਮੁੱਚੇ ਵਰਤਾਰੇ ਤੋਂ ਜਾਣੂ ਕਰਵਾਇਆ ਹੈ |
ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਲਈ ਸਰਬੱਤ ਖ਼ਾਲਸਾ ਬੁਲਾਇਆ ਜਾਵੇ-ਗਿਆਨੀ ਰਘਬੀਰ ਸਿੰਘ
ਅਜੀਤ ਡੈਸਕ
19-02-2026