ਹੁਸ਼ਿਆਰਪੁਰ, 18 ਫ਼ਰਵਰੀ (ਹਰਪ੍ਰੀਤ ਕੌਰ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੇਂਦਰੀ ਇੰਚਾਰਜ ਚੰਡੀਗੜ੍ਹ ਅਵਤਾਰ ਸਿੰਘ ਕਰੀਮਪੁਰੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਸੂਬੇ ਦੀ ਅਫ਼ਸਰਸ਼ਾਹੀ ਦੇ ਗੱਠਜੋੜ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ | ਕਰੀਮਪੁਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਵਲੋਂ ਸੱਤਾਧਾਰੀ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਨਾ ਨਾ ਸਿਰਫ ਅਨੈਤਿਕ ਹੈ, ਸਗੋਂ ਇਹ ਭਾਰਤੀ ਸੰਵਿਧਾਨ ਅਤੇ ਸਿਵਲ ਸੇਵਾ ਨਿਯਮਾਂ ਦੀ ਸ਼ਰੇਆਮ ਧੱਜੀਆਂ ਉਡਾਉਣ ਦੇ ਬਰਾਬਰ ਹੈ | ਕਰੀਮਪੁਰੀ ਨੇ ਕਿਹਾ ਕਿ ਅਫ਼ਸਰਸ਼ਾਹੀ ਦੇਸ਼ ਦੇ ਸੰਵਿਧਾਨ ਪ੍ਰਤੀ ਜਵਾਬਦੇਹ ਹੁੰਦੀ ਹੈ ਨਾ ਕਿ ਕਿਸੇ ਖਾਸ ਸਿਆਸੀ ਪਾਰਟੀ ਦੇ |