ਚੰਡੀਗੜ੍ਹ, 19 ਫਰਵਰੀ (ਅਜੀਤ ਬਿਊਰੋ)-ਵਪਾਰੀਆਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ 'ਤੇ ਤਾਲਮੇਲ ਨੂੰ ਸੰਸਥਾਗਤ ਬਣਾਉਣ ਲਈ ਇਕ ਨਿਰਣਾਇਕ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਵਪਾਰਕ ਭਾਈਚਾਰੇ ਦੇ ਆਲੇ-ਦੁਆਲੇ ਸੁਰੱਖਿਆ ਘੇਰੇ ਨੂੰ ਸਖ਼ਤ ਕਰਨ ਵੱਲ ਅਹਿਮ ਕਦਮ ਵਧਾਏ ਹਨ | ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਥੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ (ਪੀ.ਐਸ.ਟੀ.ਸੀ.), ਜ਼ਿਲ੍ਹਾ ਅਤੇ ਹਲਕਾ ਪੱਧਰੀ ਵਪਾਰਕ ਕਮੇਟੀਆਂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਢਾਂਚਾਗਤ ਅਤੇ ਮੁਕੰਮਲ ਤਾਲਮੇਲ ਦੇ ਨਿਰਦੇਸ਼ ਦਿੰਦਿਆਂ ਸਪੱਸ਼ਟ ਕੀਤਾ ਕਿ ਵਪਾਰੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਇਹ ਸੂਬੇ ਦੇ 'ਈਜ਼ ਆਫ਼ ਡੂਇੰਗ ਬਿਜ਼ਨਸ' (ਵਪਾਰ ਕਰਨ ਨੂੰ ਸੌਖਾਲਾ ਬਣਾਉਣ) ਦਾ ਮੁੱਖ ਹਿੱਸਾ ਹੈ | ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵਜੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਨਾਲ ਪੰਜਾਬ ਭਵਨ ਤੋਂ ਉੱਚ ਪੱਧਰੀ ਵੀਡੀਓ ਕਾਨਫ਼ਰੰਸ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਪਾਰੀ ਵਰਗ ਦੀਆਂ ਸੁਰੱਖਿਆ ਸੰਬੰਧੀ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਅਤੇ ਵਪਾਰੀ ਕਮਿਸ਼ਨ ਅਤੇ ਕਮੇਟੀਆਂ ਦੇ ਮੈਂਬਰਾਂ ਨੂੰ ਆਪਣਾ ਆਪਸੀ ਤਾਲਮੇਲ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਅਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਇਸ ਤਹਿਤ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦੀਆਂ ਰਿਪੋਰਟਾਂ ਸਿੱਧੇ ਡੀ.ਜੀ.ਪੀ. ਦਫ਼ਤਰ ਨਾਲ ਲਗਾਤਾਰ ਸਾਂਝੀਆਂ ਕਰਨ | ਚੀਮਾ ਨੇ ਸਮੂਹ ਜ਼ਿਲ੍ਹਾ ਪੁਲਿਸ ਬਲਾਂ ਨੂੰ ਵਪਾਰੀ ਕਮਿਸ਼ਨ ਅਤੇ ਕਮੇਟੀ ਮੈਂਬਰਾਂ ਨਾਲ ਨਿਰੰਤਰ ਗੱਲਬਾਤ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਆਦੇਸ਼ ਦਿੱਤਾ ਕਿ ਹਲਕਾ ਅਤੇ ਜ਼ਿਲ੍ਹਾ ਪੱਧਰ 'ਤੇ ਵਪਾਰੀ ਕਮਿਸ਼ਨ ਅਤੇ ਕਮੇਟੀ ਦੀਆਂ ਸਾਰੀਆਂ ਮੀਟਿੰਗਾਂ ਵਿਚ ਸਮਰੱਥ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਯਕੀਨੀ ਹੋਣੀ ਚਾਹੀਦੀ ਹੈ ਤਾਂ ਜੋ ਦਰਪੇਸ਼ ਚੁਣੌਤੀਆਂ ਨੂੰ ਮੌਕੇ 'ਤੇ ਹੀ ਹੱਲ ਕੀਤਾ ਜਾ ਸਕੇ | ਡੀ.ਜੀ.ਪੀ. ਗੌਰਵ ਯਾਦਵ ਨੇ ਟਰੇਡਰਜ਼ ਕਮਿਸ਼ਨ ਅਤੇ ਕਮੇਟੀਆਂ ਦੇ ਮੈਂਬਰਾਂ ਨੂੰ ਸੂਬੇ ਦੀ ਪੁਲਿਸ ਅਤੇ ਵਪਾਰੀ ਵਰਗ ਵਿਚਕਾਰ ਇਕ ਅਹਿਮ ਪੁਲ ਵਜੋਂ ਕੰਮ ਕਰਨ ਦੀ ਅਪੀਲ ਕੀਤੀ |
ਵਪਾਰੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ-ਚੀਮਾ <br/>
ਅਜੀਤ ਡੈਸਕ
20-02-2026