'ਆਪ' ਨੂੰ ਕੁਚਲਣ ਦੀ ਭਾਜਪਾ ਦੀ ਚਾਲ ਨਾਕਾਮ-ਚੀਮਾ
ਚੰਡੀਗੜ੍ਹ, 27 ਫਰਵਰੀ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰ ਆਗੂਆਂ ਨੂੰ ਸੀ. ਬੀ. ਆਈ. ਅਦਾਲਤ ਵਲੋਂ ਕਲੀਨ ਚਿੱਟ ਦਿੱਤੇ ਜਾਣ ਦੇ ਸੰਦਰਭ ਵਿਚ 'ਆਪ' ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਵਿਚ ਪਾਰਟੀ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਨ੍ਹਾਂ ਨੂੰ ਜਨਤਕ ਮੁਆਫੀ ਮੰਗਣ ਦੀ ਮੰਗ ਕੀਤੀ ਹੈ | ਅਮਨ ਅਰੋੜਾ ਨੇ ਦੋਸ਼ ਲਗਾਇਆ ਕਿ ਭਾਜਪਾ ਨੇ ਸਿਆਸੀ ਬਦਲਾਖੋਰੀ ਤਹਿਤ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਦਿਆਂ ਦੇਸ਼ ਵਿਚ ਸਿੱਖਿਆ ਕ੍ਰਾਂਤੀ ਲਿਆਉਣ ਵਾਲੇ ਆਗੂਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਪਰ ਅਦਾਲਤ ਨੇ 'ਆਪ' ਆਗੂਆਂ ਨੂੰ ਕਲੀਨ ਚਿੱਟ ਦਿੰਦਿਆਂ ਭਾਜਪਾ ਦੇ ਝੂਠ ਦਾ ਪਰਦਾਫ਼ਾਸ਼ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅਜਿਹੀ ਨੀਵੇਂ ਪੱਧਰ ਦੀ ਰਾਜਨੀਤੀ ਨੇ ਕਦੇ ਕਿਸੇ ਨੂੰ ਮਹਾਨ ਨਹੀਂ ਬਣਾਇਆ | ਕੋਈ ਵੀ ਆਗੂ ਵਿਕਾਸ ਅਤੇ ਲੋਕ ਸੇਵਾ ਰਾਹੀਂ ਵੱਡੀ ਲਕੀਰ ਖਿੱਚ ਕੇ ਵੱਡਾ ਬਣਦਾ ਹੈ, ਨਾ ਕਿ ਸਿਆਸੀ ਵਿਰੋਧੀਆਂ ਨੂੰ ਝੂਠੇ ਕੇਸਾਂ ਵਿਚ ਫਸਾ ਕੇ | ਅਰੋੜਾ ਨੇ ਕਿਹਾ ਕਿ ਇਹ ਸਿਰਫ਼ ਅਰਵਿੰਦ ਕੇਜਰੀਵਾਲ ਦੀ ਜਿੱਤ ਨਹੀਂ ਹੈ, ਸਿਰਫ਼ ਮਨੀਸ਼ ਸਿਸੋਦੀਆ ਦੀ ਜਿੱਤ ਨਹੀਂ ਹੈ, ਸਿਰਫ਼ ਆਮ ਆਦਮੀ ਪਾਰਟੀ ਦੀ ਜਿੱਤ ਨਹੀਂ ਹੈ, ਇਹ ਸੱਚ ਦੀ ਜਿੱਤ ਹੈ | ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਇਕ ਪੱਤਰਕਾਰ ਸੰਮੇਲਨ ਦੌਰਾਨ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ 'ਆਪ' ਨੂੰ ਕੁਚਲਣ ਦੀ ਭਾਜਪਾ ਦੀ ਚਾਲ ਨਾਕਾਮ ਹੋ ਗਈ ਹੈ | ਉਨ੍ਹਾਂ ਕਿਹਾ ਕਿ ਅਦਾਲਤ ਦੇ ਫੈਸਲੇ ਨਾਲ ਭਾਜਪਾ ਦਾ ਚਿਹਰਾ ਅੱਜ ਜਨਤਾ ਦੇ ਸਾਹਮਣੇ ਨੰਗਾ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਜੋ ਪਾਰਟੀ ਭਿ੍ਸ਼ਟਾਚਾਰ ਦੇ ਖ਼ਿਲਾਫ਼ ਲੜਦੀ ਹੋਈ ਅਤੇ ਇਮਾਨਦਾਰੀ ਦਾ ਪਹਿਰਾ ਦੇਣ ਲਈ ਹੋਂਦ ਵਿਚ ਆਈ ਸੀ, ਉਸ ਨੂੰ ਬਦਨਾਮ ਕਰਨ ਦੀ ਭਾਰਤੀ ਜਨਤਾ ਪਾਰਟੀ ਵਲੋਂ ਪੂਰੀ ਕੋਸ਼ਿਸ਼ ਕੀਤੀ ਗਈ | 'ਆਪ' ਆਗੂ ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸੂਰਜ ਪੂਰੇ ਦੇਸ਼ ਵਿਚ ਚਮਕੇਗਾ | ਹਰਜੋਤ ਸਿੰਘ ਬੈਂਸ ਨੇ ਇਹ ਵੀ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਭਗਵੰਤ ਮਾਨ ਦੀ ਸਰਕਾਰ ਹੋਰ ਵੀ ਰਿਕਾਰਡ ਤੋੜ ਜਿੱਤ ਨਾਲ ਸਾਹਮਣੇ ਆਵੇਗੀ | ਇਸੇ ਦੌਰਾਨ ਅਮਨ ਅਰੋੜਾ ਦੇ ਨਾਲ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਦੀਪ ਸਿੰਘ ਮੁੰਡੀਆਂ ਵੀ ਉਚੇਚੇ ਤੌਰ 'ਤੇ ਮੌਜੂਦ ਸਨ |
'ਆਪ' ਆਗੂਆਂ ਨੇ ਅਦਾਲਤ ਦੇ ਫੈਸਲੇ ਉਪਰੰਤ ਮਨਾਇਆ ਜਸ਼ਨ
ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਦਫ਼ਤਰ ਸੈਕਟਰ 39 ਚੰਡੀਗੜ੍ਹ ਵਿਖੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਅਦਾਲਤ ਵਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਾਂ ਨੂੰ ਬਰੀ ਕਰਨ ਦੇ ਫੈਸਲੇ ਤੋਂ ਬਾਅਦ ਬੜੇ ਉਤਸ਼ਾਹ ਨਾਲ ਇਸ ਫੈਸਲੇ ਦਾ ਜਸ਼ਨ ਮਨਾਇਆ ਗਿਆ | ਜਸ਼ਨਾਂ ਦੌਰਾਨ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਢੋਲ ਦੀ ਥਾਪ 'ਤੇ ਭੰਗੜਾ ਪਾਇਆ ਅਤੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ | ਉਨ੍ਹਾਂ ਨੇ ਇਸ ਫੈਸਲੇ ਨੂੰ 'ਸੱਚ ਅਤੇ ਇਮਾਨਦਾਰ ਰਾਜਨੀਤੀ ਦੀ ਜਿੱਤ' ਕਰਾਰ ਦਿੱਤਾ | ਇਸ ਮੌਕੇ ਕੈਬਨਿਟ ਮੰਤਰੀਆਂ ਵਿਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਹਰਜੋਤ ਸਿੰਘ ਬੈਂਸ, ਹਰਦੀਪ ਸਿੰਘ ਮੁੰਡੀਆਂ ਨਾਲ ਹੋਰ ਪਾਰਟੀ ਵਰਕਰਾਂ ਵਲੋਂ ਨੱਚ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਪ੍ਰਧਾਨ ਵਿਜੇ ਪਾਲ ਸਿੰਘ, ਚੰਡੀਗੜ੍ਹ 'ਆਪ' ਦੇ ਪ੍ਰਮੁੱਖ ਪ੍ਰਭਾਰੀ ਐਸ.ਐਸ. ਆਹਲੂਵਾਲੀਆ ਤੋਂ ਇਲਾਵਾ ਮਹਿਲਾ ਵਰਕਰਾਂ ਨੇ ਵੀ ਨੱਚ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ |
ਅਦਾਲਤ ਵਲੋਂ ਕੇਜਰੀਵਾਲ, ਸਿਸੋਦੀਆ ਨੂੰ ਕਲੀਨ ਚਿੱਟ ਦੇਣ ਨਾਲ ਭਾਜਪਾ ਦੇ ਝੂਠ ਦਾ ਪਰਦਾਫਾਸ਼ ਹੋਇਆ-ਅਮਨ ਅਰੋੜਾ <br/>
ਅਜੀਤ ਡੈਸਕ
28-02-2026