ਜਥੇਦਾਰ ਗੜਗੱਜ, ਜਥੇਦਾਰ ਧਨੌਲਾ, ਪ੍ਰਧਾਨ ਧਾਮੀ, ਡਾ. ਭਿੰਡਰ, ਭਾਈ ਚਾਵਲਾ ਸਮੇਤ ਵੱਡੀ ਗਿਣਤੀ 'ਚ ਸੰਤਾਂ-ਮਹਾਂਪੁਰਸ਼ਾਂ ਨੇ ਭਰੀ ਹਾਜ਼ਰੀ
ਸ੍ਰੀ ਅਨੰਦਪੁਰ ਸਾਹਿਬ/ਕੀਰਤਪੁਰ ਸਾਹਿਬ, 27 ਫਰਵਰੀ (ਕਰਨੈਲ ਸਿੰਘ ਸੈਣੀ, ਜੇ. ਐਸ. ਨਿੱਕੂਵਾਲ, ਅੰਮਿ੍ਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)-ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ 6 ਰੋਜ਼ਾ ਕੌਮੀ ਜੋੜ ਮੇਲਾ ਹੋਲਾ ਮਹੱਲਾ ਅੰਮਿ੍ਤ ਵੇਲੇ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ਨਾਲ ਪੁਰਾਤਨ ਰਵਾਇਤਾਂ ਅਨੁਸਾਰ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਸ਼ੁਰੂ ਹੋ ਗਿਆ | ਸਭ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਰਾਤ ਦੇ ਦੀਵਾਨ ਸਜਾਏ ਗਏ, ਜਿਸ ਵਿਚ ਗੁਰੂ ਘਰ ਦੇ ਕੀਰਤਨੀਆਂ ਅਤੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਹੋਲਾ ਮਹੱਲਾ ਦੇ ਰਸਮੀ ਆਗਾਜ਼ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਿਥੇ ਸਮੁੱਚੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ, ਉਥੇ ਹੀ ਉਨ੍ਹਾਂ ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਹੋਲਾ ਮਹੱਲਾ ਮਨਾਉਣ ਲਈ ਹੰੁਮ੍ਹ ਹੁਮਾ ਕੇ ਪਹੁੰਚਣ ਦੀ ਅਪੀਲ ਵੀ ਕੀਤੀ | ਇਸੇ ਤਰ੍ਹਾਂ ਕੀਰਤਪੁਰ ਸਾਹਿਬ ਦੇ ਵਿਸ਼ਵ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਪਤਾਲ ਪੁਰੀ ਸਾਹਿਬ ਵਿਖੇ ਅਖੰਡ ਪਾਠ ਦੀ ਆਰੰਭਤਾ ਅਤੇ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਹੋਲੇ ਮਹੱਲੇ ਜੋੜ ਮੇਲੇ ਦੀ ਸ਼ੁਰੂਆਤ ਹੋ ਗਈ | ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ
ਬਾਬਾ ਗੁਰਦਿੱਤਾ ਜੀ ਅਤੇ ਗੁਰਦੁਆਰਾ ਚਰਨ ਕਵਲ ਸਾਹਿਬ ਵਿਖੇ ਧਾਰਮਿਕ ਦੀਵਾਨ ਸ਼ੁਰੂ ਹੋ ਚੁੱਕੇ ਹਨ ਜੋ 1 ਮਾਰਚ ਤੱਕ ਜਾਰੀ ਰਹਿਣਗੇ | ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਮੁਖਵਾਕ ਲਿਆ ਗਿਆ ਅਤੇ ਮੇਲੇ ਦੀ ਚੜ੍ਹਦੀ ਕਲਾ, ਸੁਖ-ਸ਼ਾਂਤੀ ਅਤੇ ਸੰਗਤ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਸਿੰਘ ਧਨੌਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਅਮਰਜੀਤ ਸਿੰਘ ਚਾਵਲਾ ਸ਼ੋ੍ਰਮਣੀ ਕਮੇਟੀ ਮੈਂਬਰ, ਭਾਈ ਮਲਕੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਧੀਕ ਮੈਨੇਜਰ ਹਰਦੇਵ ਸਿੰਘ, ਗੁਰਦੁਆਰਾ ਇੰਸਪੈਕਟਰ ਤਲਵਿੰਦਰ ਸਿੰਘ ਰਸੀਆਂ ਅਤੇ ਭਾਈ ਅਮਰਜੀਤ ਸਿੰਘ ਜਿੰਦਬੜੀ ਮੈਨੇਜਰ ਗੁਰਦੁਆਰਾ ਪਾਤਾਲਪੁਰੀ ਸਾਹਿਬ, ਗੁਰਵਿੰਦਰ ਸਿੰਘ ਸਰਕਲ ਪ੍ਰਧਾਨ ਸਮੇਤ ਕਈ ਧਾਰਮਿਕ ਸ਼ਖ਼ਸੀਅਤਾਂ ਹਾਜ਼ਰ ਸਨ | ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਸਾਂਝੇ ਤੌਰ 'ਤੇ ਹੋਲਾ ਮਹੱਲਾ ਦੇ ਇਤਿਹਾਸ 'ਤੇ ਰੌਸ਼ਨੀ ਪਾਈ | ਇਸ ਤਹਿਤ ਅੱਜ ਇਤਿਹਾਸਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਵਿਚ ਪਹਿਲੇ ਪੜਾਅ ਦੀ ਸ਼ੁਰੂਆਤ ਹੋਈ, ਜੋ 1 ਮਾਰਚ ਤੱਕ ਜਾਰੀ ਰਹੇਗੀ | ਇਸ ਤੋਂ ਬਾਅਦ 2 ਤੋਂ 4 ਮਾਰਚ ਤੱਕ ਖ਼ਾਲਸਾ ਪੰਥ ਦੀ ਜਨਮ-ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮਨਾਇਆ ਜਾਵੇਗਾ | ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੇਸ਼-ਵਿਦੇਸ਼ ਵਿਚ ਬੈਠੀ ਸਿੱਖ ਸੰਗਤ ਨੂੰ ਹੋਲਾ ਮਹੱਲਾ ਦੀ ਵਧਾਈ ਦਿੰਦਿਆਂ ਵੱਡੀ ਗਿਣਤੀ ਵਿਚ ਮੇਲੇ ਵਿਚ ਸ਼ਾਮਿਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸਿੱਖ ਰਹਿਤ ਮਰਯਾਦਾ ਅਨੁਸਾਰ ਸ਼ਰਧਾ ਭਾਵ ਨਾਲ ਗੁਰੂ ਘਰਾਂ ਵਿਚ ਨਤਮਸਤਕ ਹੋ ਕੇ ਗੁਰੂ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਜਾਣ | ਇਸ ਤੋਂ ਪਹਿਲਾਂ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਅਰੰਭਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਕਾਰਜਕਾਰਨੀ ਦੇ ਮੈਂਬਰ ਡਾ. ਦਲਜੀਤ ਸਿੰਘ ਭਿੰਡਰ ਨੇ ਵੀ ਹੋਲਾ ਮਹੱਲਾ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ, ਜਦੋਂਕਿ ਮੰਚ ਸੰਚਾਲਨ ਦੀ ਸੇਵਾ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਨਿਭਾਈ ਗਈ | ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਸੰਤ ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਵਾਇਆ ਗਿਆ | ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਦੀ ਦਸਤਾਰਬੰਦੀ ਕੀਤੀ ਗਈ, ਜਦੋਂਕਿ ਮੇਲਾ ਅਫ਼ਸਰ ਕਮ ਐਸ.ਡੀ.ਐਮ. ਸੁਖਪਾਲ ਸਿੰਘ ਦਾ ਵੀ ਦਸਤਾਰ ਅਤੇ ਸਿਰਪਾਓ ਨਾਲ ਸਨਮਾਨ ਕੀਤਾ ਗਿਆ | ਇਸ ਤੋਂ ਬਿਨਾਂ ਹੋਲਾ ਮਹੱਲਾ ਦੀ ਸ਼ਾਂਤਮਈ ਸੰਪੂਰਨਤਾ ਅਤੇ ਖ਼ਾਲਸਾ ਪੰਥ ਦੀ ਚੜ੍ਹਦੀਕਲਾ ਦੀ ਅਰਦਾਸ ਵੀ ਕੀਤੀ ਗਈ | ਅੰਤ ਵਿਚ ਬਾਬਾ ਜਰਨੈਲ ਸਿੰਘ ਕਾਰਸੇਵਾ ਵਾਲਿਆਂ ਨੇ ਸਾਰੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ | ਸਮਾਗਮ ਦੀ ਸ਼ੁਰੂਆਤ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਦੀ ਸੰਗਤ ਵਲੋਂ ਜ਼ੋਗੋ ਤੋਂ ਨਗਰ ਕੀਰਤਨ ਵੀ ਸਜਾਇਆ ਗਿਆ | ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਟੇਕ ਸਿੰਘ ਧਨੌਲਾ, ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ਼, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਹਰਦੇਵ ਸਿੰਘ, ਗੁਰਦੁਆਰਾ ਤਪ ਅਸਥਾਨ ਦੇ ਮੁੱਖ ਪ੍ਰਬੰਧਕ ਬਾਬਾ ਤੀਰਥ ਸਿੰਘ, ਤਰਲੋਚਨ ਸਿੰਘ ਰੁੜਕਾ, ਸਾਬਕਾ ਮੈਨੇਜਰ ਬੇਅੰਤ ਸਿੰਘ ਚਨੋਲੀ, ਮਲੂਕ ਸਿੰਘ ਲਾਡੀ, ਧਰਮਪਾਲ ਸਿੰਘ ਸੈਣੀ, ਭਾਈ ਸਰਬਜੀਤ ਸਿੰਘ, ਭਾਗ ਸਿੰਘ ਜ਼ੋਗੋ, ਜਸਵਿੰਦਰਪਾਲ ਸਿੰਘ ਬਿੱਲਾ, ਭਾਈ ਹਰਪ੍ਰੀਤ ਸਿੰਘ, ਇੰਜ. ਦਵਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ <br/>
ਅਜੀਤ ਡੈਸਕ
28-02-2026