ਅੰਮਿ੍ਤਸਰ, 27 ਫਰਵਰੀ (ਜਸਵੰਤ ਸਿੰਘ ਜੱਸ)-ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਮੇਟੀ ਦਾ ਵਫ਼ਦ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਹਦਾਇਤ 'ਤੇ ਇਕ ਇਜਲਾਸ ਦੇ ਮਾਮਲੇ ਵਿਚ ਆਪਣਾ ਸਪੱਸ਼ਟੀਕਰਨ ਦੇਣ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜਾ ਅਤੇ ਜਥੇਦਾਰ ਗੜਗੱਜ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਵਲੋਂ ਪਿਛਲੇ ਸਮੇਂ ਦੌਰਾਨ ਮੰਗਿਆ ਗਿਆ ਸਪੱਸ਼ਟੀਕਰਨ ਦਿੱਤਾ | ਮੁਲਾਕਾਤ ਉਪਰੰਤ ਗੱਲਬਾਤ ਕਰਦਿਆਂ ਪ੍ਰਧਾਨ ਕਾਲਕਾ ਨੇ ਦੱਸਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ 25 ਅਕਤੂਬਰ ਨੂੰ ਹੋਈ ਕਮੇਟੀ ਦੀ ਜਨਰਲ ਹਾਊਸ ਮੀਟਿੰਗ ਦੇ ਸੰਬੰਧ ਵਿਚ ਕਮੇਟੀ ਅਹੁਦੇਦਾਰਾਂ ਨੂੰ ਸਪੱਸ਼ਟੀਕਰਨ ਲਈ ਸੱਦਿਆ ਸੀ | ਉਨ੍ਹਾਂ ਕਿਹਾ ਕਿ ਜਥੇਦਾਰ ਨਾਲ ਮੁਲਾਕਾਤ ਬਹੁਤ ਹੀ ਵਧੀਆ ਮਾਹੌਲ ਵਿਚ ਹੋਈ ਤੇ ਅਸੀਂ ਜਥੇਦਾਰ ਸਾਹਿਬ ਨੂੰ ਦੱਸਿਆ ਕਿ ਦਿੱਲੀ ਕਮੇਟੀ ਦੀ ਮੌਜੂਦਾ ਟੀਮ ਸਾਰੇ ਸੇਵਾ ਕਾਰਜ ਪਾਰਦਰਸ਼ਤਾ ਨਾਲ ਕਰਨ ਤੋਂ ਇਲਾਵਾ ਕੌਮ ਦੀਆਂ ਸੰਸਥਾਵਾਂ ਨੂੰ ਮਜ਼ਬੂਤ ਕਰਨ ਤੇ ਗੁਰਦੁਆਰਾ ਸਾਹਿਬਾਨ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਮਨੁੱਖਤਾ ਦੀ ਸੇਵਾ ਵਾਸਤੇ ਕੀ-ਕੀ ਉਪਰਾਲੇ ਕਰ ਰਹੀ ਹੈ |