ਚੰਡੀਗੜ੍ਹ, 27 ਫ਼ਰਵਰੀ (ਸੰਦੀਪ ਕੁਮਾਰ ਮਾਹਨਾ)ਪੰਜਾਬ ਦੀ ਸਿਆਸਤ 'ਚ ਨਵੇਂ ਸਮੀਕਰਨ ਬਣਦੇ ਨਜ਼ਰ ਆ ਰਹੇ ਹਨ, ਕਿਉਂਕਿ ਅੱਜ ਵੱਖ-ਵੱਖ ਜ਼ਿਲਿ੍ਹਆਂ ਦੇ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਨਾਲ ਆਪਣੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕੀਤੀ ਹੈ | ਭਾਜਪਾ 'ਚ ਸ਼ਾਮਿਲ ਹੋਣ ਵਾਲਿਆਂ 'ਚ ਸ੍ਰੀ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਤੋਂ ਸਮਾਜਿਕ ਕਾਰਕੰੁਨ ਤਿਰਲੋਚਣ ਸਿੰਘ ਸਰਹਿੰਦ, ਫ਼ਾਜ਼ਿਲਕਾ ਜ਼ਿਲ੍ਹੇ ਤੋਂ ਸਾਬਕਾ ਬਲਾਕ ਕਾਂਗਰਸ ਪ੍ਰਧਾਨ ਅਤੇ ਸਕੱਤਰ ਪੀ.ਪੀ.ਸੀ.ਸੀ. ਦੇਸ ਸਿੰਘ, ਸਾਬਕਾ ਬਲਾਕ ਪ੍ਰਧਾਨ ਗੁਰਦਿਆਲ ਸਿੰਘ, ਸਮਾਜ ਸੇਵਕ ਬੂਟਾ ਸਿੰਘ (ਰਾਣਾ ਰਾਏ) ਅਤੇ ਸਾਬਕਾ ਬਲਾਕ ਸੰਮਤੀ ਚੇਅਰਪਰਸਨ ਬੀਬੀ ਬਗੋ ਬਾਈ ਨੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ | ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਲੋਕਾਂ ਦੇ ਭਰੋਸੇ ਅਤੇ ਪਾਰਟੀ ਦੀਆਂ ਨੀਤੀਆਂ 'ਤੇ ਵਿਸ਼ਵਾਸ ਦਾ ਨਤੀਜਾ ਹੈ ਕਿ ਅੱਜ ਦੂਜੀਆਂ ਪਾਰਟੀਆਂ ਦੇ ਆਗੂ ਭਾਜਪਾ 'ਚ ਸ਼ਾਮਿਲ ਹੋ ਰਹੇ ਹਨ | ਨਵੇਂ ਸ਼ਾਮਿਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਜਾਖੜ ਨੇ ਕਿਹਾ ਕਿ ਭਾਜਪਾ ਸੂਬੇ ਦੇ ਹਰ ਵਰਗ ਦੀ ਆਵਾਜ਼ ਬਣ ਰਹੀ ਹੈ ਅਤੇ ਪਾਰਟੀ ਦਾ ਆਧਾਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਆਗੂ ਆਪਣੇ-ਆਪਣੇ ਇਲਾਕਿਆਂ 'ਚ ਪਾਰਟੀ ਦੀ ਵਿਚਾਰਧਾਰਾ ਅਤੇ ਨੀਤੀਆਂ ਨੂੰ ਮਜ਼ਬੂਤੀ ਨਾਲ ਅੱਗੇ ਵਧਾਉਣਗੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਕਾਸ, ਪਾਰਦਰਸ਼ਤਾ ਅਤੇ ਮਜ਼ਬੂਤ ਪ੍ਰਸ਼ਾਸਨ ਦੀ ਲੋੜ ਹੈ ਅਤੇ ਭਾਜਪਾ ਇਸ ਮਿਸ਼ਨ ਲਈ ਵਚਨਬੱਧ ਹੈ | ਇਸ ਮੌਕੇ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ਼, ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨ੍ਹੀ ਕੈਂਥ, ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ, ਸੂਬਾ ਬੁਲਾਰੇ ਪਿ੍ਤਪਾਲ ਸਿੰਘ ਬੱਲੀਏਵਾਲ, ਮੁਖ਼ਤਿਆਰ ਸਿੰਘ ਹਲਕਾ ਕਨਵੀਨਰ ਨਿਹਾਲ ਸਿੰਘ ਵਾਲਾ ਅਤੇ ਸੈਲਾਂ ਦੇ ਪ੍ਰਭਾਰੀ ਰੰਜ਼ਨ ਕਾਮਰਾ ਵੀ ਮੌਜੂਦ ਰਹੇ |