ਚੰਡੀਗੜ੍ਹ, 30 ਅਪ੍ਰੈਲ (ਸੰਦੀਪ ਕੁਮਾਰ ਮਾਹਨਾ)-ਪੰਜਾਬ ਸਰਕਾਰ ਵਲੋਂ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਹੀ ਭਾਜਪਾ ਵਲੋਂ 'ਜਨਤਾ ਦੀ ਵਿਧਾਨ ਸਭਾ' ਬੁਲਾਉਣ ਦਾ ਐਲਾਨ ਕਰਕੇ ਸਿਆਸੀ ਮਾਹੌਲ ਨੂੰ ਗਰਮਾ ਦਿੱਤਾ ਹੈ | ਪਾਰਟੀ ਵਲੋਂ ਇਹ ਇਜਲਾਸ ਚੰਡੀਗੜ੍ਹ ਦੇ ਸੈਕਟਰ-37 ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ 'ਤੇ ਸਿੱਧਾ ਹਮਲਾ ਮੰਨਿਆ ਜਾ ਰਿਹਾ ਹੈ | ਪਾਰਟੀ ਵਲੋਂ ਸੱਦਿਆ ਗਿਆ ਇਹ ਇਜਲਾਸ ਸਿਰਫ਼ ਪ੍ਰਤੀਕਾਤਮਕ ਕਦਮ ਨਹੀਂ, ਸਗੋਂ ਲੋਕਾਂ ਦੀ ਆਵਾਜ਼ ਨੂੰ ਮੰਚ 'ਤੇ ਲਿਆ ਕੇ ਸਰਕਾਰ ਨੂੰ ਜਵਾਬਦੇਹ ਬਣਾਉਣ ਦੀ ਕੋਸ਼ਿਸ਼ ਹੈ | ਇਜਲਾਸ ਦੌਰਾਨ ਕਾਨੂੰਨ-ਵਿਵਸਥਾ, ਨਸ਼ਿਆਂ ਦਾ ਮਸਲਾ, ਕਿਸਾਨੀ ਸੰਕਟ, ਉਦਯੋਗਾਂ ਦੀ ਹਾਲਤ ਅਤੇ ਬੇਰੁਜ਼ਗਾਰੀ ਵਰਗੇ ਅਹਿਮ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ | ਪਾਰਟੀ ਦੇ ਇਸ ਵਾਰ ਦੇ ਇਜਲਾਸ ਲਈ ਜ਼ਿਲ੍ਹਾ ਅਤੇ ਮੰਡਲ ਪੱਧਰ 'ਤੇ ਤਿਆਰੀਆਂ ਕੀਤੀਆਂ ਗਈਆਂ ਹਨ | ਸਿਆਸੀ ਪੱਖੋਂ ਦੇਖਿਆ ਜਾਵੇ ਤਾਂ 'ਜਨਤਾ ਦੀ ਵਿਧਾਨ ਸਭਾ' ਰਾਹੀਂ ਭਾਜਪਾ ਆਪਣਾ ਜਨ ਅਧਾਰ ਮਜ਼ਬੂਤ ਕਰਨ ਦੇ ਨਾਲ-ਨਾਲ ਸਰਕਾਰ ਖ਼ਿਲਾਫ਼ ਮਾਹੌਲ ਤਿਆਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਹੁਣ ਦੇਖਣਾ ਇਹ ਹੋਵੇਗਾ ਕਿ ਸੈਕਟਰ 37 ਵਿਖੇ ਹੋਣ ਵਾਲਾ ਇਹ ਇਜਲਾਸ ਕਿੰਨਾ ਪ੍ਰਭਾਵਸ਼ਾਲੀ ਸਾਬਤ ਹੁੰਦਾ ਹੈ | ਭਾਜਪਾ ਵਲੋਂ ਸੱਦੀ ਗਈ 'ਜਨਤਾ ਦੀ ਵਿਧਾਨ ਸਭਾ' 'ਚ ਪਾਰਟੀ ਦੇ ਸੀਨੀਅਰ ਨੇਤਾ ਸ਼ਾਮਿਲ ਹੋਣਗੇ, ਜਿਨ੍ਹਾਂ 'ਚ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਨਾਲ-ਨਾਲ ਕਈ ਸਾਬਕਾ ਕੈਬਨਿਟ ਮੰਤਰੀ, ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਤੇ ਮੌਜੂਦਾ ਵਿਧਾਇਕ ਵੀ ਸ਼ਾਮਿਲ ਹੋਣਗੇ |