ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ ਪੰਜਾਬ-ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਸਕੂਲੀ ਸਿੱਖਿਆ ਵਿਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਨੇ ਭਾਰਤ ਦੇ ਸਰਵੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਮਾਨਤਾ ਹਾਸਲ ਕੀਤੀ ਹੈ | ਨੀਤੀ ਆਯੋਗ ਸਿੱਖਿਆ ਗੁਣਵੱਤਾ ਰਿਪੋਰਟ 2026 ਵਿਚ ਪੰਜਾਬ ਨੇ ਸਕੂਲ ਸਿੱਖਿਆ ਦੇ ਅਹਿਮ ਬੁਨਿਆਦੀ ਸਿੱਖਿਆ ਮਾਪਦੰਡਾਂ ਵਿਚ ਭਾਰਤ ਦੀ ਲੰਬੇ ਸਮੇਂ ਤੋਂ ਅਗਵਾਈ ਕਰਨ ਵਾਲੇ ਕੇਰਲਾ ਨੂੰ ਪਛਾੜ ਦਿੱਤਾ ਹੈ | ਪ੍ਰਣਾਲੀਗਤ ਸੁਧਾਰਾਂ ਤੇ ਜ਼ਮੀਨੀ ਪੱਧਰ 'ਤੇ ਸਮਰਪਣ ਰਾਹੀਂ ਹਾਸਲ ਕੀਤੀ ਇਸ ਪ੍ਰਾਪਤੀ ਨੂੰ 'ਪੰਜਾਬ ਦੇ ਦੌਰ' ਦੀ ਸ਼ੁਰੂਆਤ ਦੱਸਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, ਇਹ ਸਨਮਾਨ ਹਰ ਉਸ ਮਾਤਾ-ਪਿਤਾ, ਵਿਦਿਆਰਥੀ ਅਤੇ ਅਧਿਆਪਕ ਦਾ ਹੈ ਜਿਸ ਨੇ ਸਰਕਾਰੀ ਸਕੂਲਾਂ ਦਾ ਸਾਥ ਛੱਡਣ ਤੋਂ ਇਨਕਾਰ ਕਰ ਦਿੱਤਾ | ਇਹ ਇੱਕ ਦਿਨ ਵਿਚ ਹਾਸਲ ਕੀਤੀ ਉਪਲਬਧੀ ਨਹੀਂ ਹੈ ਬਲਕਿ ਇਹ ਬਿਹਤਰ ਨੀਤੀ, ਇਰਾਦੇ ਅਤੇ ਅਮਲ ਦਾ ਸੁਮੇਲ ਹੈ, ਜਿਸ ਨਾਲ ਬਿਹਤਰ ਨਤੀਜੇ ਸਾਹਮਣੇ ਆਏ ਹਨ | ਨੀਤੀ ਆਯੋਗ ਦੀ ਰਿਪੋਰਟ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੇ ਤੀਜੀ ਜਮਾਤ ਵਿਚ ਭਾਸ਼ਾ 'ਚ 82 ਫ਼ੀਸਦ ਅਤੇ ਗਣਿਤ ਵਿਚ 78 ਫ਼ੀਸਦ ਅੰਕ ਹਾਸਲ ਕੀਤੇ, ਜੋ ਕੇਰਲਾ ਦੇ ਕ੍ਰਮਵਾਰ 75 ਫ਼ੀਸਦ ਅਤੇ 70 ਫ਼ੀਸਦ ਤੋਂ ਵੱਧ ਹਨ | 9ਵੀਂ ਜਮਾਤ ਦੇ ਗਣਿਤ ਵਿਚ ਪੰਜਾਬ ਨੇ 52 ਫ਼ੀਸਦ ਮੁਹਾਰਤ ਦਰਜ ਕੀਤੀ ਜੋ ਕਿ ਕੇਰਲਾ ਦੇ 45 ਫ਼ੀਸਦ ਨਾਲੋਂ ਜ਼ਿਆਦਾ ਹੈ | ਪੰਜਾਬ ਸਰਕਾਰ ਵਲੋਂ ਕੀਤੇ ਸੁਧਾਰਾਂ ਦੇ ਸਾਰਥਿਕ ਪ੍ਰਭਾਵਾਂ ਨੂੰ ਉਜਾਗਰ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਿਸ਼ਨ ਸਮਰੱਥ ਅਤੇ ਸਕੂਲ ਆਫ਼ ਐਮੀਨੈਂਸ ਪ੍ਰੋਗਰਾਮ ਰਾਹੀਂ ਕੋਵਿਡ ਮਹਾਂਮਾਰੀ ਤੋਂ ਬਾਅਦ ਕੀਤੇ ਗਏ ਸੁਧਾਰਾਂ ਦੇ ਠੋਸ ਨਤੀਜੇ ਸਾਹਮਣੇ ਆਏ ਹਨ | ਨੀਤੀ ਆਯੋਗ ਦੀ ਰਿਪੋਰਟ ਦੇ ਨਤੀਜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਸੂਬੇ ਦੇ 99.9 ਫ਼ੀਸਦ ਸਰਕਾਰੀ ਸਕੂਲਾਂ ਵਿਚ ਹੁਣ ਬਿਜਲੀ ਉਪਲੱਬਧ ਹੈ, 99 ਫ਼ੀਸਦ ਸਕੂਲਾਂ ਵਿਚ ਕਾਰਜਸ਼ੀਲ ਕੰਪਿਊਟਰ ਉਪਲੱਬਧ ਹਨ ਤੇ 80 ਫ਼ੀਸਦ ਤੋਂ ਵੱਧ ਸਕੂਲ ਸਮਾਰਟ ਕਲਾਸਰੂਮਾਂ ਨਾਲ ਲੈਸ ਹਨ | ਇਸ ਤੋਂ ਇਲਾਵਾ, 10ਵੀਂ ਜਮਾਤ ਦੇ 90 ਫ਼ੀਸਦ ਤੋਂ ਵੱਧ ਵਿਦਿਆਰਥੀ ਹੁਣ 11ਵੀਂ ਜਮਾਤ ਵਿਚ ਦਾਖ਼ਲਾ ਲੈ ਰਹੇ ਹਨ | ਇਹ ਦਰ ਸਕੂਲ ਛੱਡਣ ਦੀ ਦਰ ਵਿਚ ਤੇਜ਼ੀ ਨਾਲ ਆ ਰਹੀ ਗਿਰਾਵਟ ਨੂੰ ਦਰਸਾਉਂਦੀ ਹੈ | ਵਿਦਿਆਰਥੀ ਅਧਿਆਪਕ ਅਨੁਪਾਤ 22:1 ਹੋ ਗਿਆ ਹੈ | ਰਿਪੋਰਟ ਦਾ ਹਵਾਲਾ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੀਤੀ ਆਯੋਗ ਦੀ ਰਿਪੋਰਟ ਵਿਚ ਸਿੱਖਿਆ ਖੇਤਰ ਵਿਚ ਸ਼ਹਿਰੀ-ਪੇਂਡੂ ਖ਼ਿੱਤੇ ਦੇ ਪਾੜੇ ਨੂੰ ਪੂਰਨ ਅਤੇ ਪਿੰਡ ਦੇ ਵਿਦਿਆਰਥੀਆਂ ਤੇ ਕੁੜੀਆਂ ਲਈ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਪੰਜਾਬ ਦੀ ਵਿਸ਼ੇਸ਼ ਤੌਰ 'ਤੇ ਪ੍ਰਸ਼ੰਸਾ ਕੀਤੀ ਗਈ ਹੈ | ਪੰਜਾਬ ਵਲੋਂ ਵਿਸ਼ਵ ਦੇ ਸਰਵੋਤਮ ਅਭਿਆਸਾਂ ਨੂੰ ਅਪਣਾਉਣ ਨਾਲ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵਿਚ ਮੁਕਾਬਲੇ ਦੀ ਪ੍ਰੀਖਿਆ ਦੀ ਸਫਲਤਾ ਹਾਸਲ ਕਰਨ ਦੀ ਦਰ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ | ਹੁਣ ਤੱਕ ਸਰਕਾਰੀ ਸਕੂਲਾਂ ਦੇ 786 ਵਿਦਿਆਰਥੀਆਂ ਨੇ ਜੇਈਈ ਮੇਨ ਪ੍ਰੀਖਿਆ ਪਾਸ ਕੀਤੀ ਹੈ ਅਤੇ 1,284 ਵਿਦਿਆਰਥੀ ਨੀਟ ਪ੍ਰੀਖਿਆ ਪਾਸ ਕਰ ਚੁੱਕੇ ਹਨ | ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਿਹਤਰ ਨੀਤੀ, ਇਰਾਦੇ ਤੇ ਅਮਲ ਨਾਲ ਮਿਆਰੀ ਸਿੱਖਿਆ ਯਕੀਨੀ ਬਣਾਈ ਜਾ ਸਕਦੀ ਹੈ ਅਤੇ ਸਾਡੇ ਅਧਿਆਪਕਾਂ ਨੇ ਇਹ ਸਾਬਤ ਕਰ ਦਿੱਤਾ ਹੈ |
ਨੀਤੀ ਆਯੋਗ ਦੀ ਰਿਪੋਰਟ : ਸਕੂਲ ਸਿੱਖਿਆ ਵਿਚ ਪੰਜਾਬ ਨੇ ਕੇਰਲਮ ਨੂੰ ਪਛਾੜਿਆ
ਅਜੀਤ ਡੈਸਕ
11-05-2026