ਅੰਮਿ੍ਤਸਰ, 11 ਮਈ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸੰਬੰਧੀ ਲਿਆਂਦੇ ਸੋਧ ਕਾਨੂੰਨ ਤੋਂ ਬਾਅਦ ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ: ਜਗਮੋਹਨ ਸਿੰਘ ਰਾਜੂ ਵਲੋਂ ਜੂਨ 1984 'ਚ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਏ ਫੌਜੀ ਹਮਲੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਜ਼ਖ਼ਮੀ ਹੋਏ ਪਾਵਨ ਸਰੂਪਾਂ ਸੰਬੰਧੀ ਸ਼ਿਕਾਇਤ ਪੁਲਿਸ ਨੂੰ ਕੀਤੀ | ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਾ: ਰਾਜੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਆਪਣੀ ਇਤਿਹਾਸਕ ਪ੍ਰਾਪਤੀ ਵਜੋਂ ਪੇਸ਼ ਕਰ ਰਹੇ ਹਨ, ਪਰ ਜਦੋਂ ਇਸੇ ਕਾਨੂੰਨ ਤਹਿਤ ਰਸਮੀ ਸ਼ਿਕਾਇਤ ਦਿੱਤੀ ਜਾਂਦੀ ਹੈ ਤਾਂ ਪੁਲਿਸ ਪ੍ਰਸ਼ਾਸਨ ਉਸਨੂੰ ਸਵੀਕਾਰ ਕਰਨ ਲਈ ਵੀ ਤਿਆਰ ਨਹੀਂ | ਡਾ: ਰਾਜੂ ਨੇ ਕਿਹਾ ਕਿ ਜੂਨ 1984 'ਚ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਏ ਫੌਜੀ ਹਮਲੇ ਦੌਰਾਨ ਸ੍ਰੀ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵੀ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋਏ ਸਨ ਜੋ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਹੈ, ਜਿਸ ਸੰਬੰਧੀ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ ਪਰ ਪੁਲਿਸ ਅਧਿਕਾਰੀਆਂ ਵਲੋਂ ਇਨਕਾਰ ਕਰ ਦਿੱਤਾ | ਡਾ. ਰਾਜੂ ਨੇ ਕਿਹਾ ਕਿ ਜੇਕਰ ਸ਼ਿਕਾਇਤ ਨੂੰ ਇਸੇ ਤਰ੍ਹਾਂ ਨਜ਼ਰਅੰਦਾਜ਼ ਕੀਤਾ ਜਾਂਦਾ ਰਿਹਾ ਤਾਂ ਉਹ ਕਾਨੂੰਨ ਤਹਿਤ ਉਪਲਬਧ ਹੋਰ ਕਾਨੂੰਨੀ ਸਹਾਰਾ ਲੈਣ 'ਤੇ ਵਿਚਾਰ ਕਰਨਗੇ |
ਪੰਜਾਬ ਭਾਜਪਾ ਜਨ: ਸਕੱਤਰ ਨੇ ਸੋਧੇ ਕਾਨੂੰਨ ਤਹਿਤ ਪੁਲਿਸ ਨੂੰ ਕੀਤੀ ਸ਼ਿਕਾਇਤ
ਅਜੀਤ ਡੈਸਕ
12-05-2026