ਸੰਗਰੂਰ, 18 ਮਈ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿ: ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਅਤੇ 'ਵਾਰਿਸ ਪੰਜਾਬ ਦੇ' ਵਿਚਕਾਰ ਚੋਣ ਗੱਠਜੋੜ ਨੂੰ ਲੈ ਕੇ ਤਾਲਮੇਲ ਕਮੇਟੀ ਦੀ ਚੱਲ ਰਹੀ ਗੱਲਬਾਤ 'ਵਾਰਿਸ ਪੰਜਾਬ ਦੇ' ਆਗੂਆਂ ਵਲੋਂ ਤੋੜ੍ਹੀ ਗਈ ਹੈ, ਸਾਡੇ ਵਲੋਂ ਨਹੀਂ | 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੇ ਵਲੋਂ ਇਸ ਗੱਲਬਾਤ ਨੂੰ ਜਾਰੀ ਰੱਖਣ ਲਈ ਯਤਨ ਕੀਤੇ ਜਾਣਗੇ ਕਿਉਂਕਿ ਅੱਜ ਪੰਥਕ ਏਕਤਾ ਸਮੇਂ ਦੀ ਲੋੜ ਹੈ | ਇੱਕ ਪ੍ਰਸ਼ਨ ਦੇ ਉੱਤਰ ਵਿਚ ਉਨ੍ਹਾਂ ਕਿਹਾ ਕਿ ਬਾਦਲ ਦਲ ਨੂੰ ਛੱਡ ਕੇ ਬਾਕੀ ਸਾਰੀਆਂ ਪੰਥਕ ਧਿਰਾਂ ਨਾਲ ਗੱਲਬਾਤ ਦੀ ਸੰਭਾਵਨਾ ਬਰਕਰਾਰ ਹੈ | 'ਵਾਰਿਸ ਪੰਜਾਬ ਦੇ' ਪਾਰਟੀ ਨਾਲ ਚੋਣ ਗੱਠਜੋੜ ਲਈ ਬਣੀ ਤਾਲਮੇਲ ਕਮੇਟੀ ਵਿਚ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਮੈਂਬਰ ਇਕਬਾਲ ਸਿੰਘ ਝੰੂਦਾਂ ਨੇ ਕਿਹਾ ਹੈ ਕਿ ਦੋਨਾਂ ਪਾਰਟੀਆਂ ਵਿਚਕਾਰ ਗੱਲਬਾਤ ਜਾਰੀ ਰਹਿਣੀ ਚਾਹੀਦੀ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਪੰਥਕ ਏਕਤਾ ਜ਼ਰੂਰੀ ਹੈ | ਜੇ ਪੰਥਕ ਧੜੇ ਇਕੱਠੇ ਨਾ ਹੋਏ ਤਾਂ 2027 ਤੋਂ ਬਾਅਦ ਪੰਜਾਬ ਅਤੇ ਪੰਥ ਦਾ ਨੁਕਸਾਨ ਹੋ ਸਕਦਾ ਹੈ | ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਪੰਥਕ ਏਕਤਾ 'ਤੇ ਜ਼ੋਰ ਦਿੱਤਾ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਪਸ਼ਟ ਕੀਤਾ ਕਿ ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਘੁੰਮ ਰਹੀ ਹੈ ਜਿਸ ਵਿਚ ਮਨਪ੍ਰੀਤ ਸਿੰਘ ਇਆਲੀ ਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਚ ਜਾਂਦੇ ਦਿਖਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਘਟੀਆ ਹਰਕਤ ਹੈ ਉਹ ਇਸ ਮਾਮਲੇ ਨੂੰ ਲੈ ਕੇ ਅਦਾਲਤ ਦਾ ਬੂਹਾ ਖੜਕਾਉਣਗੇ |