ਕਿਹਾ, ਲੱਖਾਂ ਲੋਕਾਂ ਦੇ ਵੋਟ ਕਟਵਾ ਕੇ ਕੇਂਦਰ ਨੇ ਖੋਹਿਆ ਲੋਕਾਂ ਦਾ ਸੰਵਿਧਾਨਕ ਹੱਕ
ਲੁਧਿਆਣਾ, 19 ਮਈ (ਡਾ: ਤਰਲੋਚਨ ਸਿੰਘ)-ਆਮ ਆਦਮੀ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਲੁਧਿਆਣਾ ਸਥਿਤ ਗੁਰੂ ਨਾਨਕ ਭਵਨ ਵਿਖੇ ਹੋਈ, ਜਿਸ ਵਿਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ 'ਚ ਸ਼ਾਮਿਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨੀਸ਼ ਸਿਸੋਦੀਆ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਵਿਚ ਈ.ਡੀ. ਰਾਹੀਂ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਜਾਣਬੁੱਝ ਕੇ ਕਿਸੇ ਨਾ ਕਿਸੇ ਤਰੀਕੇ ਪ੍ਰੇਸ਼ਾਨ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲੱਖਾਂ ਲੋਕਾਂ ਦੇ ਵੋਟ ਕਟਵਾ ਕੇ ਉਨ੍ਹਾਂ ਤੋਂ ਸੰਵਿਧਾਨਕ ਹੱਕ ਖੋਹ ਲਿਆ ਗਿਆ ਹੈ, ਜਿਸ ਨੂੰ ਆਮ ਆਦਮੀ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਹੁਣ ਤੋਂ ਹੀ ਚੌਕਸ ਹੋ ਜਾਣ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੂਰੀ ਕੋਸ਼ਿਸ਼ ਰਹੇਗੀ ਕਿ ਪੰਜਾਬ ਵਿਚ ਕਿਸੇ ਵੀ ਵਿਅਕਤੀ ਦੀ ਵੋਟ ਕੱਟੀ ਨਾ ਜਾਵੇ | ਉਨ੍ਹਾਂ ਕਿਹਾ ਕਿ ਭਾਜਪਾ ਦਾ ਸੂਬੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ, ਬਲਕਿ ਇਹ ਪੰਜਾਬ ਵਿਰੋਧੀ ਪਾਰਟੀ ਹੈ, ਜੋ ਕਿ ਹਮੇਸ਼ਾ ਪੰਜਾਬੀਆਂ ਦੇ ਹੱਕਾਂ 'ਤੇ ਡਾਕਾ ਮਾਰਨ ਦੀ ਵਿਉਂਤਬੰਦੀ ਕਰਦੀ ਰਹਿੰਦੀ ਹੈ | ਈ.ਡੀ. ਵਲੋਂ ਗਿ੍ਫ਼ਤਾਰ ਕੀਤੇ ਗਏ ਮੰਤਰੀ ਸੰਜੀਵ ਅਰੋੜਾ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੰਜੀਵ ਅਰੋੜਾ ਬਹਾਦਰ ਆਦਮੀ ਹਨ, ਉਹ ਪ੍ਰਧਾਨ ਮੰਤਰੀ ਮੋਦੀ ਅੱਗੇ ਝੁਕੇ ਨਹੀਂ | ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਮੀਟਿੰਗ ਰਾਹੀਂ ਆਪਣੇ ਜ਼ਮੀਨੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਵੋਟਰ ਸੂਚੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਦੇ ਲਈ ਆਪਣੀ ਰਣਨੀਤੀ ਤਿਆਰ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਸੰਗਠਨ ਦੀ ਰੁਟੀਨ ਮੀਟਿੰਗ ਸੀ, ਜਿਸ ਦਾ ਸਾਰਾ ਫੋਕਸ ਐਸ.ਆਰ.ਆਈ. ਮੁੱਦੇ 'ਤੇ ਸੀ |
ਕੇਂਦਰ ਸਰਕਾਰ ਨੇ ਪੰਜਾਬ ਵਿਚ ਈ.ਡੀ. ਰਾਹੀਂ ਆਪਣਾ ਚੋਣ ਪ੍ਰਚਾਰ ਕੀਤਾ ਸ਼ੁਰੂ-ਸਿਸੋਦੀਆ
ਅਜੀਤ ਡੈਸਕ
20-05-2026