* ਸੰਬੰਧਿਤ ਵਿਭਾਗ ਨੂੰ ਨੋਟਿਸ ਜਾਰੀ * ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਨੂੰ 15 ਦਿਨਾਂ ਅੰਦਰ ਕੀਤੀ ਕਾਰਵਾਈ 'ਤੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼
ਨਵੀਂ ਦਿੱਲੀ, 19 ਮਈ (ਡਾ. ਬਲਵਿੰਦਰ ਸਿੰਘ ਸੋਢੀ)-ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਵਿਚ ਆਗਾਮੀ ਜਨਗਣਨਾ ਦੌਰਾਨ ਅਨੁਸੂਚਿਤ ਜਾਤੀਆਂ ਦੀ ਸੂਚੀ ਵਿਚ ਇਤਰਾਜ਼ਯੋਗ/ਅਪਮਾਨਜਨਕ ਸ਼ਬਦਾਂ ਦੀ ਵਰਤੋਂ ਸੰਬੰਧੀ ਇਕ ਕੀਤੀ ਸ਼ਿਕਾਇਤ 'ਤੇ ਗੰਭੀਰ ਨੋਟਿਸ ਲਿਆ ਹੈ। ਇਹ ਸ਼ਿਕਾਇਤ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੂੰ ਸੌਂਪੀ ਸੀ। ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਜਨਗਣਨਾ ਪ੍ਰਕਿਰਿਆ ਦੌਰਾਨ ਵਾਲਮੀਕਿ ਭਾਈਚਾਰੇ ਦੇ ਹਵਾਲੇ ਨਾਲ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਨੇ ਭਾਈਚਾਰੇ ਵਿਚ ਨਾਰਾਜ਼ਗੀ ਪੈਦਾ ਕੀਤੀ ਹੈ। ਇਸ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਵੇਖਦੇ ਹੋਏ ਕਮਿਸ਼ਨ ਨੇ ਤੁਰੰਤ ਕਾਰਵਾਈ ਕੀਤੀ ਹੈ ਅਤੇ ਸੰਬੰਧਿਤ ਵਿਭਾਗ ਨੂੰ ਨੋਟਿਸ ਜਾਰੀ ਕੀਤੇ ਹਨ। ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਜਨਗਣਨਾ ਸੰਚਾਲਨ ਨਿਰਦੇਸ਼ਾਲਾ, ਪੰਜਾਬ ਦੇ ਡਾਇਰੈਕਟਰ ਅਤੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਨੂੰ 15 ਦਿਨਾਂ ਦੇ ਅੰਦਰ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਸਪੱਸ਼ਟ ਕੀਤਾ ਹੈ ਕਿ ਅਨੁਸੂਚਿਤ ਜਾਤੀਆਂ ਦੇ ਸਨਮਾਨ, ਅਧਿਕਾਰਾਂ ਨੇ ਮਾਣ ਸਤਿਕਾਰ ਦੀ ਰੱਖਿਆ ਕਰਨਾ ਕਮਿਸ਼ਨ ਦੀ ਮੁੱਖ ਤਰਜੀਹ ਹੈ।
ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਦੀ ਜਨਗਣਨਾ ਨਾਲ ਸੰਬੰਧਿਤ ਸ਼ਿਕਾਇਤ ਦਾ ਲਿਆ ਨੋਟਿਸ
ਅਜੀਤ ਡੈਸਕ
20-05-2026