ਹਾਈ ਕੋਰਟ ਨੇ ਮੰਗਿਆ ਜਵਾਬ
ਚੰਡੀਗੜ੍ਹ, 4 ਜੂਨ (ਸੰਦੀਪ ਕੁਮਾਰ ਮਾਹਨਾ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ 'ਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਟੀ) ਦਿੱਲੀ ਦੇ ਡਾਇਰੈਕਟਰ ਜਨਰਲ (ਜੇਲ੍ਹਾਂ) ਨੂੰ ਨਵੇਂ ਸਿਰੇ ਤੋਂ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ | ਅਦਾਲਤ ਨੇ ਇਹ ਕਦਮ ਇਸ ਲਈ ਚੁੱਕਿਆ ਕਿਉਂਕਿ ਪਹਿਲਾਂ ਜਾਰੀ ਕੀਤੇ ਗਏ ਨੋਟਿਸ ਦੇ ਬਾਵਜੂਦ ਦਿੱਲੀ ਜੇਲ੍ਹ ਪ੍ਰਸ਼ਾਸਨ ਵਲੋਂ ਮਾਮਲੇ ਵਿਚ ਕੋਈ ਜਵਾਬ ਦਾਖ਼ਲ ਨਹੀਂ ਕੀਤਾ ਗਿਆ ਸੀ | ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਅਤੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਪਹਿਲਾਂ ਹੀ ਆਪਣੇ-ਆਪਣੇ ਜਵਾਬ ਅਦਾਲਤ 'ਚ ਦਾਖ਼ਲ ਕਰ ਚੁੱਕੇ ਹਨ | ਦਿੱਲੀ ਜੇਲ੍ਹ ਪ੍ਰਸ਼ਾਸਨ ਵਲੋਂ ਜਵਾਬ ਨਾ ਆਉਣ ਕਾਰਨ ਹਾਈ ਕੋਰਟ ਨੇ ਮੁੜ ਨੋਟਿਸ ਜਾਰੀ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 6 ਜੁਲਾਈ ਲਈ ਨਿਰਧਾਰਤ ਕਰ ਦਿੱਤੀ | ਹਵਾਰਾ ਨੇ ਆਪਣੀ ਬਜ਼ੁਰਗ ਅਤੇ ਬਿਮਾਰ ਮਾਤਾ ਦੀ ਦੇਖਭਾਲ ਲਈ ਚਾਰ ਹਫ਼ਤਿਆਂ ਦੀ ਪੈਰੋਲ ਦੀ ਮੰਗ ਕੀਤੀ ਹੈ | ਜਦਕਿ ਸੀ.ਬੀ.ਆਈ. ਨੇ ਹਾਈ ਕੋਰਟ ਵਿਚ ਦਾਖ਼ਲ ਆਪਣੇ ਜਵਾਬ ਵਿਚ ਹਵਾਰਾ ਦੀ ਪੈਰੋਲ ਦਾ ਸਖ਼ਤ ਵਿਰੋਧ ਕੀਤਾ | ਹੁਣ ਇਸ ਮਾਮਲੇ ਵਿਚ ਸਾਰੇ ਪੱਖਾਂ ਦੇ ਜਵਾਬ ਆਉਣ ਤੋਂ ਬਾਅਦ ਹਾਈ ਕੋਰਟ 6 ਜੁਲਾਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਦੌਰਾਨ ਪੈਰੋਲ ਪਟੀਸ਼ਨ 'ਤੇ ਅੱਗੇ ਵਿਚਾਰ ਕਰੇਗੀ |
ਭਾਈ ਹਵਾਰਾ ਦੀ ਪੈਰੋਲ ਪਟੀਸ਼ਨ 'ਤੇ ਦਿੱਲੀ ਦੇ ਡੀ.ਜੀ.ਪੀ. ਜੇਲ੍ਹਾਂ ਨੂੰ ਮੁੜ ਨੋਟਿਸ
ਅਜੀਤ ਡੈਸਕ
05-06-2026