ਅਜਨਾਲਾ, 4 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਨੇੜੇ ਪਿੰਡ ਲੱਖੂਵਾਲ ਕੋਲ ਬੀਤੀ ਰਾਤ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ | ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐੱਸ.ਪੀ. ਅਜਨਾਲਾ ਗੁਰਦੀਪ ਸਿੰਘ ਸੰਧੂ ਤੇ ਐੱਸ.ਐੱਚ.ਓ. ਸਬ-ਇੰਸ: ਕੁਲਵਿੰਦਰ ਸਿੰਘ ਭਾਰੀ ਪੁਲਿਸ ਫੋਰਸ ਸਮੇਤ ਮੌਕੇ 'ਤੇ ਪੁੱਜੇ | ਮਿ੍ਤਕ ਦੀ ਪਹਿਚਾਣ ਸੁਖਵਿੰਦਰ ਸਿੰਘ ਉਰਫ਼ ਸਰਵਣ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਸ਼ਹਿਜ਼ਾਦਾ ਨੇੜੇ ਰਮਦਾਸ ਵਜੋਂ ਹੋਈ ਹੈ | ਅਜਨਾਲਾ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਸੁਖਵਿੰਦਰ ਸਿੰਘ ਦੀ ਲਾਸ਼ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰ ਵੀ ਅਜਨਾਲਾ ਪਹੁੰਚੇ ਹੋਏ ਸਨ ਜਿਨ੍ਹਾਂ ਦਾ ਰੋ-ਰੋ ਬੁਰਾ ਹਾਲ ਸੀ | ਸਬ-ਇੰਸ: ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਬੀਤੀ ਸ਼ਾਮ ਕੱਪੜੇ ਲੈਣ ਅਜਨਾਲੇ ਆਇਆ ਸੀ ਪਰ ਬਾਅਦ 'ਚ ਉਸਦਾ ਪਤਾ ਨਹੀਂ ਲੱਗਾ | ਉਨ੍ਹਾਂ ਦੱਸਿਆ ਕਿ ਮਿ੍ਤਕ ਦੇ ਰਿਸ਼ਤੇਦਾਰ ਵਿਰਸਾ ਸਿੰਘ ਪਿੰਡ ਸੈਦਪੁਰ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |