ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਵਲੋਂ ਆਪਣੇ ਕੈਂਪਸ ਵਿਚ ਪੰਜਾਬੀ ਸਾਈਨਬੋਰਡ ਤੇ ਨੇਮਪਲੇਟਾਂ ਨੂੰ ਬਹਾਲ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ | ਉਨ੍ਹਾਂ ਇਸ ਨੂੰ ਪੰਜਾਬ ਦੀ ਭਾਸ਼ਾਈ ਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਵੱਲ ਇੱਕ ਅਹਿਮ ਕਦਮ ਦੱਸਿਆ | ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਸਾਈਨਬੋਰਡਾਂ ਤੇ ਨੇਮਪਲੇਟਾਂ ਤੋਂ ਪੰਜਾਬੀ (ਗੁਰਮੁਖੀ) ਹਟਾਏ ਜਾਣ ਤੋਂ ਬਾਅਦ ਕੰਗ ਨੇ ਇਸ 'ਤੇ ਸਖ਼ਤ ਇਤਰਾਜ਼ ਜਤਾਇਆ ਸੀ | ਉਨ੍ਹਾਂ ਇਸ ਕਦਮ ਨੂੰ ਉਸ ਭਾਸ਼ਾ ਦਾ ਨਿਰਾਦਰ ਕਰਾਰ ਦਿੱਤਾ ਸੀ ਜੋ ਪੰਜਾਬ ਦੇ ਇਤਿਹਾਸ, ਸੱਭਿਆਚਾਰ ਅਤੇ ਪਛਾਣ ਨੂੰ ਦਰਸਾਉਂਦੀ ਹੈ | ਇਸ ਮਾਮਲੇ ਨੂੰ ਭਾਰਤ ਦੇ ਮਾਨਯੋਗ ਉਪ-ਰਾਸ਼ਟਰਪਤੀ ਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਸੀ.ਪੀ. ਰਾਧਾਕਿ੍ਸ਼ਨਨ ਕੋਲ ਉਠਾਉਂਦੇ ਹੋਏ, ਕੰਗ ਨੇ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਸੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬੀ ਨੂੰ ਉਸ ਦਾ ਬਣਦਾ ਸਥਾਨ ਅਤੇ ਸਤਿਕਾਰ ਮਿਲੇ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੰਗ ਨੇ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਵਲੋਂ ਇੱਕ ਅਧਿਕਾਰਤ ਪੱਤਰ ਮਿਲਿਆ ਹੈ, ਜਿਸ ਵਿਚ ਪੁਸ਼ਟੀ ਕੀਤੀ ਗਈ ਹੈ ਕਿ ਪੰਜਾਬੀ ਸਾਈਨਬੋਰਡ ਲਗਾਉਣ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ |