ਚੰਡੀਗੜ੍ਹ, 9 ਜੂਨ (ਅਜਾਇਬ ਸਿੰਘ ਔਜਲਾ)-ਪੰਜਾਬ ਰੋਡਵੇਜ਼ ਪਨਬਸ/ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ | ਇਸ ਦੇ ਮੱਦੇਨਜ਼ਰ ਅੱਜ ਚੰਡੀਗੜ੍ਹ ਬੱਸ ਸਟੈਂਡ ਸੈਕਟਰ 43 ਵਿਖੇ 2 ਘੰਟੇ ਬੱਸਾਂ ਦਾ ਚੱਕਾ ਜਾਮ ਕਰਕੇ ਹੜਤਾਲ ਦੀ ਸ਼ੁਰੂਆਤ ਕੀਤੀ ਗਈ, ਜਿਸ ਕਾਰਨ ਸਵਾਰੀਆਂ ਨੂੰ ਕੜਾਕੇ ਦੀ ਧੁੱਪ ਵਿਚ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ | ਯੂਨੀਅਨ ਦੇ ਸੂਬਾ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਆਵਾਜ਼ ਬੰਦ ਕਰਕੇ ਨਿੱਜੀਕਰਨ ਵਾਲੇ ਪਾਸੇ ਵਧੀ ਹੋਈ ਹੈ | ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਸਮੂਹ ਡਿੱਪੂ ਕਮੇਟੀਆਂ ਅਤੇ ਵਰਕਰ ਸਾਥੀਆਂ ਵਲੋਂ ਲਗਾਤਾਰ ਸੰਘਰਸ਼ ਦੇ ਬਾਵਜੂਦ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਇਕ ਵੀ ਸਰਕਾਰੀ ਬੱਸ ਨਹੀਂ ਪਾਈ ਗਈ ਤੇ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ, ਜਿਸ ਦੇ ਰੋਸ ਵਿਚ ਜਥੇਬੰਦੀ ਵਲੋਂ ਟੋਕਨ ਹੜਤਾਲ 'ਤੇ ਜਾਣ ਦਾ ਫੈਸਲਾ ਲਿਆ ਗਿਆ ਹੈ | ਉਨ੍ਹਾਂ ਐਲਾਨ ਕੀਤਾ ਕਿ ਪੀ.ਆਰ.ਟੀ.ਸੀ ਵਲੋਂ 10 ਜੂਨ ਨੂੰ 12 ਵਜੇ ਤੋਂ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ |
ਪੀ.ਆਰ.ਟੀ.ਸੀ. ਵਲੋਂ ਅੱਜ 12 ਵਜੇ ਤੋਂ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ <br/>
ਅਜੀਤ ਡੈਸਕ
10-06-2026