ਨੌਕਰੀਆਂ ਦੀ ਵਿਕਰੀ ਦਾ ਦੌਰ ਖ਼ਤਮ, ਹੁਣ ਮੈਰਿਟ ਦੇ ਆਧਾਰ 'ਤੇ ਮਿਲ ਰਿਹਾ ਰੁਜ਼ਗਾਰ-ਭਗਵੰਤ ਮਾਨ
ਐੱਸ. ਏ. ਐੱਸ. ਨਗਰ, 16 ਜੂਨ (ਪ੍ਰੋ. ਅਵਤਾਰ ਸਿੰਘ)ਪੰਜਾਬ 'ਚ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਬਣਾਇਆ ਗਿਆ ਹੈ, ਜਿਸ ਕਾਰਨ ਯੋਗ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਨੌਕਰੀਆਂ ਮਿਲ ਰਹੀਆਂ ਹਨ | ਹੁਣ ਤੱਕ ਸੂਬਾ ਸਰਕਾਰ 67 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਦੇ ਚੁੱਕੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ 523 ਨਵੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੀਤਾ | ਨਿਯੁਕਤੀ ਪੱਤਰ ਵੰਡ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪਿਛਲੇ ਚਾਰ ਸਾਲਾਂ ਦੌਰਾਨ ਸੂਬੇ ਦੇ 67,563 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰੀ ਨੌਕਰੀਆਂ ਪੈਸੇ ਅਤੇ ਸਿਆਸੀ ਸਿਫ਼ਾਰਸ਼ਾਂ ਦੇ ਆਧਾਰ 'ਤੇ ਦਿੱਤੀਆਂ ਜਾਂਦੀਆਂ ਸਨ, ਜਿਸ ਕਾਰਨ ਆਮ ਪਰਿਵਾਰਾਂ ਦੇ ਹੋਣਹਾਰ ਨੌਜਵਾਨਾਂ ਨਾਲ ਬੇਇਨਸਾਫ਼ੀ ਹੁੰਦੀ ਸੀ ਪਰ ਹੁਣ ਇਹ ਪ੍ਰਣਾਲੀ ਪੂਰੀ ਤਰ੍ਹਾਂ ਬਦਲ ਦਿੱਤੀ ਗਈ ਹੈ ਅਤੇ ਭਰਤੀਆਂ ਸਿਰਫ਼ ਯੋਗਤਾ ਅਤੇ ਮੈਰਿਟ ਦੇ ਆਧਾਰ 'ਤੇ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਇਕ ਅਹਿਮ ਅਤੇ ਕਰਮਚਾਰੀ-ਪੱਖੀ ਫ਼ੈਸਲੇ ਦਾ ਐਲਾਨ ਕਰਦਿਆਂ ਕਿਹਾ ਕਿ ਗਰੁੱਪ 'ਸੀ' ਅਤੇ 'ਡੀ' ਸ਼੍ਰੇਣੀਆਂ ਨਾਲ ਸੰਬੰਧਿਤ ਮਹਿਲਾ ਕਰਮਚਾਰੀਆਂ ਨੂੰ ਪਰਖਕਾਲ ਪੂਰਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਤਾਇਨਾਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਸਟਾਫ਼ ਨਰਸਾਂ, ਅਧਿਆਪਕਾਂ, ਮਹਿਲਾ ਪੁਲਿਸ ਕਰਮਚਾਰੀਆਂ ਅਤੇ ਹੋਰ ਹਜ਼ਾਰਾਂ ਮਹਿਲਾ ਮੁਲਾਜ਼ਮਾਂ ਨੂੰ ਲਾਭ ਮਿਲੇਗਾ | ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ | ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਸਮੇਤ ਵਿਭਾਗ ਦੇ ਹੋਰ ਕਈ ਉੱਚ ਅਧਿਕਾਰੀ ਤੇ ਨਿਯੁਕਤੀ ਪੱਤਰ ਲੈਣ ਵਾਲਿਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ |
ਮੁੱਖ ਮੰਤਰੀ ਨੇ ਸਿਹਤ ਵਿਭਾਗ ਦੇ 523 ਨਵੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
ਅਜੀਤ ਡੈਸਕ
17-06-2026