ਚੰਡੀਗੜ੍ਹ; 10 ਜੂਨ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਸਥਾਈ ਤੌਰ 'ਤੇ ਹੱਲ ਕਰਨ ਲਈ ਸੂਬਾ ਪੱਧਰੀ ਨੀਤੀ ਤਿਆਰ ਕੀਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਸੂਬੇ ਭਰ ਦੀਆਂ ਅਣ-ਅਧਿਕਾਰਤ ਕਾਲੋਨੀਆਂ 'ਚ ਲਗਾਈ ਹੈ | ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਕਾਲੋਨਾਈਜਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਜਦੋਂਕਿ ਪੰਜਾਬ ਸਰਕਾਰ ਪ੍ਰਭਾਵਿਤ ਵਸਨੀਕਾਂ ਨੂੰ ਇਕ ਸਮਾਨ ਨੀਤੀ ਰਾਹੀਂ ਰਾਹਤ ਦੇਵੇਗੀ | ਉਨ੍ਹਾਂ ਕਿਹਾ ਕਿ ਰਾਹਤ ਲਈ ਨੀਤੀ ਤਿਆਰ ਕੀਤੀ ਜਾ ਰਹੀ ਹੈ, ਜੋ ਕਿ ਲੁਧਿਆਣਾ ਜਾਂ ਪਟਿਆਲਾ ਵਰਗੇ ਸ਼ਹਿਰਾਂ ਤੱਕ ਸੀਮਤ ਨਹੀਂ ਹੋਵੇਗੀ | ਇਸ ਨੂੰ ਪੂਰੇ ਪੰਜਾਬ 'ਚ ਇਕਸਾਰ ਲਾਗੂ ਕੀਤਾ ਜਾਵੇਗਾ ਤਾਂ ਜੋ ਹਰੇਕ ਪ੍ਰਭਾਵਿਤ ਨਾਗਰਿਕ ਨੂੰ ਇਨਸਾਫ ਮਿਲ ਸਕੇ |