ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਕਿਸ਼ੋਰ ਵਲੋਂ ਰਾਜਪਾਲ ਕਟਾਰੀਆ ਨਾਲ ਮੁਲਾਕਾਤ
ਚੰਡੀਗੜ੍ਹ, 16 ਜੂਨ (ਸੰਦੀਪ ਕੁਮਾਰ ਮਾਹਨਾ)-ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਕਿਸ਼ੋਰ ਰਹਾਟਕਰ ਵਲੋਂ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਚੰਡੀਗੜ੍ਹ ਸਥਿਤ ਪੰਜਾਬ ਲੋਕ ਭਵਨ ਵਿਖੇ ਮੁਲਾਕਾਤ ਕੀਤੀ ਗਈ | ਇਸ ਦੌਰਾਨ ਔਰਤਾਂ ਦੀ ਭਲਾਈ, ਸ਼ਕਤੀਕਰਨ ਅਤੇ ਸੁਰੱਖਿਆ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ | ਮੁਲਾਕਾਤ ਦੌਰਾਨ ਲੜਕੀਆਂ ਅਤੇ ਔਰਤਾਂ 'ਚ ਵਧ ਰਹੀ ਨਸ਼ਾਖੋਰੀ ਦੀ ਸਮੱਸਿਆ 'ਤੇ ਗੰਭੀਰ ਚਿੰਤਾ ਪ੍ਰਗਟਾਈ ਗਈ ਅਤੇ ਇਸ ਸਮਾਜਿਕ ਚੁਣੌਤੀ ਨਾਲ ਨਜਿੱਠਣ ਲਈ ਸਾਂਝੇ ਅਤੇ ਪ੍ਰਭਾਵਸ਼ਾਲੀ ਯਤਨਾਂ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ | ਦੋਵਾਂ ਹਸਤੀਆਂ ਨੇ ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋਈਆਂ ਔਰਤਾਂ ਅਤੇ ਲੜਕੀਆਂ ਲਈ ਜਾਗਰੂਕਤਾ ਮੁਹਿੰਮਾਂ, ਕਾਊਾਸਲਿੰਗ ਸੇਵਾਵਾਂ, ਰੋਕਥਾਮੀ ਉਪਰਾਲਿਆਂ ਅਤੇ ਪੁਨਰਵਾਸ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਮਹੱਤਤਾ ਉਭਾਰੀ | ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਰਕਾਰੀ ਏਜੰਸੀਆਂ, ਸਿੱਖਿਆ ਸੰਸਥਾਵਾਂ, ਸਮਾਜਿਕ ਸੰਸਥਾਵਾਂ ਅਤੇ ਭਾਈਚਾਰਕ ਸੰਗਠਨਾਂ ਦੇ ਤਾਲਮੇਲ ਨਾਲ ਹੀ ਪ੍ਰਭਾਵਸ਼ਾਲੀ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ | ਇਸ ਦੇ ਨਾਲ ਹੀ ਨਸ਼ਿਆਂ ਤੋਂ ਪ੍ਰਭਾਵਿਤ ਔਰਤਾਂ ਦੇ ਪੁਨਰਵਾਸ ਅਤੇ ਸਮਾਜ ਵਿੱਚ ਮੁੜ ਸ਼ਾਮਲ ਹੋਣ ਦੀ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਸਾਂਝੀ ਜ਼ਿੰਮੇਵਾਰੀ ਨਿਭਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਗਿਆ |
ਔਰਤਾਂ 'ਚ ਵਧਦੀ ਨਸ਼ਾਖੋਰੀ 'ਤੇ ਕਾਬੂ ਪਾਉਣ ਲਈ ਜਾਗਰੂਕਤਾ ਅਤੇ ਪੁਨਰਵਾਸ ਯਤਨ ਮਜ਼ਬੂਤ ਕਰਨ ਦੀ ਲੋੜ-ਰਾਜਪਾਲ
ਅਜੀਤ ਡੈਸਕ
17-06-2026